ਨਾੜ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਡੀਸੀ ਨੇ ਕੀਤੀ ਮੀਟਿੰਗ
ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
Publish Date: Thu, 23 Apr 2026 08:52 PM (IST)
Updated Date: Fri, 24 Apr 2026 04:13 AM (IST)

- ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੈਪਸ਼ਨ: 23ਕੇਪੀਟੀ38 ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ । ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹੇ ’ਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਪਾਰਟੀਆਂ ਵੱਲੋਂ ਪਿੰਡਾਂ ਵਿੱਚ ਗਸ਼ਤ ਵਧਾਈ ਜਾਵੇ ਅਤੇ ਹੌਟ-ਸਪੋਟ ਖੇਤਰਾਂ ਵਿੱਚ ਵਿਸ਼ੇਸ਼ ਫੋਰਸ ਤਾਇਨਾਤ ਕੀਤੀ ਜਾਵੇ । ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਦੀ ਨਿਯੁਕਤੀ ਨੂੰ ਯਕੀਨੀ ਬਣਾਉਣ । ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਆਈ.ਈ.ਸੀ. (IEC) ਗਤੀਵਿਧੀਆਂ ਤੇਜ਼ ਕਰਨ ਅਤੇ ਨਾੜ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਸੰਦਾਂ ਦੀ ਦੇ ਉਪਲਬਧਤਾ ਬਾਰੇ 85271-11124 ਅਤੇ 78890-42876 ਨੰਬਰਾਂ ‘ਤੇ ਸੰਪਰਕ ਕੀਤਾ ਜਾਵੇ । ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਿਕ ਬਾਇਲਰਾਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਕਣਕ ਦੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾ ਕੇ ਬੱਚਿਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦਾ ਸੁਨੇਹਾ ਹੇਠਲੇ ਪੱਧਰ ਤੱਕ ਪਹੁੰਚ ਸਕੇ । ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਦੀ ਸੰਭਾਲ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।