- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

--ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਤੁਰੰਤ ਕੰਟਰੋਲ ਰੂਮ ’ਚ 01822-233777 ’ਤੇ ਦਿੱਤੀ ਜਾਵੇ
ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਨੱਥ ਪਾਉਣ, ਕੁਦਰਤੀ ਸਰੋਤਾਂ ਦੀ ਰਾਖੀ ਕਰਨ ਤੇ ਮਾਈਨਿੰਗ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਾਫ਼ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਮਾਮਲੇ ਵਿਚ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ।
ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੰਵੇਦਨਸ਼ੀਲ ਇਲਾਕਿਆਂ ਤੇ ਨਦੀਆਂ ਦੇ ਆਸ-ਪਾਸ ਦੇ ਖੇਤਰਾਂ ਵਿਚ ਦਿਨ-ਰਾਤ ਦੀ ਗਸ਼ਤ ਤੇ ਅਚਨਚੇਤ ਚੈਕਿੰਗ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਮਾਈਨਿੰਗ, ਨਾਜਾਇਜ਼ ਭੰਡਾਰਨ, ਜਾਂ ਮਾਈਨਿੰਗ ਸਮੱਗਰੀ ਦੀ ਓਵਰਲੋਡਿੰਗ ਕਰਦਾ ਫੜਿਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਐੱਫਆਈਆਰ ਦਰਜ ਕੀਤੀ ਜਾਵੇ ਤੇ ਗ਼ੈਰ-ਕਾਨੂੰਨੀ ਕੰਮਾਂ ਵਿਚ ਲੱਗੀਆਂ ਗੱਡੀਆਂ ਤੇ ਮਸ਼ੀਨਰੀ ਨੂੰ ਮੌਕੇ 'ਤੇ ਹੀ ਜ਼ਬਤ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਵੀ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਡਿਊਟੀ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਮਾਈਨਿੰਗ ਨੂੰ ਸ਼ਹਿ ਦਿੰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ 'ਤੇ ਤਿੱਖੀ ਨਜ਼ਰ ਰੱਖਣ ਲਈ ਮਾਈਨਿੰਗ, ਪੁਲਿਸ ਤੇ ਮਾਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਗਠਿਤ ਹਨ, ਜੋ ਫੀਲਡ ਵਿਚ ਲਗਾਤਾਰ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਵਾਤਾਵਰਣ ਦੀ ਸਾਂਭ-ਸੰਭਾਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਖਣਨ ਗਤੀਵਿਧੀਆਂ ਕਾਰਨ ਕੁਦਰਤੀ ਸਰੋਤਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ। ਡਿਪਟੀ ਕਮਿਸ਼ਨਰ ਨੇ ਸਖਤੀ ਨਾਲ ਕਿਹਾ ਕਿ ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ 'ਤੇ ਨਿਰਧਾਰਤ ਨਿਯਮਾਂ ਤੇ ਮਾਪਦੰਡਾਂ ਦੀ ਪਾਲਣਾ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇ ਤੇ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਦੇ ਲਾਇਸੰਸ ਤੁਰੰਤ ਰੱਦ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਾਜਾਇਜ਼ ਮਾਈਨਿੰਗ ਵਿਰੁੱਧ ਇਸ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵੀ ਗੈਰ-ਕਾਨੂੰਨੀ ਮਾਈਨਿੰਗ ਦੀ ਗਤੀਵਿਧੀ ਚੱਲ ਰਹੀ ਹੈ, ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਕੰਟਰੋਲ ਰੂਮ ਨੰਬਰ 01822-233777 ਜਾਂ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ, ਜਿਸ ਵਿਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੀਟਿੰਗ ਵਿਚ ਮਾਈਨਿੰਗ ਵਿਭਾਗ ਦੇ ਐਕਸੀਅਨ, ਐੱਸਡੀਓ ਹਾਜ਼ਰ ਸਨ।