ਮਿਲਾਵਟੀ ਪੈਟਰੋਲ-ਡੀਜ਼ਲ ਦੀ ਗੈਰ-ਕਾਨੂੰਨੀ ਵਿਕਰੀ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਡੀਸੀ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ਦੇ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਦੇ ਹੁਕਮ
Publish Date: Tue, 04 Aug 2026 06:38 PM (IST)
Updated Date: Tue, 04 Aug 2026 06:40 PM (IST)
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ਦੇ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਦੇ ਹੁਕਮ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਮਿਲਾਵਟ, ਮੋਟਰ ਸਪਿਰਿਟ (ਪੈਟਰੋਲ) ਤੇ ਹਾਈ-ਸਪੀਡ ਡੀਜ਼ਲ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹੇ ਭਰ ਦੇ ਸਾਰੇ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਭਰ ਵਿਚ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗਾਂ ਨੂੰ ਮਿਲਾਵਟ ਦਾ ਪਤਾ ਲਗਾਉਣ ਲਈ ਰਿਟੇਲ ਆਊਟਲੇਟਾਂ ਤੋਂ ਪੈਟਰੋਲ/ਡੀਜ਼ਲ ਦੇ ਸੈਂਪਲ ਲੈਣ ਵਾਸਤੇ ਵੱਖ-ਵੱਖ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਤੇਲ ਦੀ ਗੁਣਵੱਤਾ ਪਰਖਣ ਤੋਂ ਇਲਾਵਾ, ਟੀਮਾਂ ਨੂੰ ਸਟਾਕ ਰਿਕਾਰਡ ਤੇ ਸਟੋਰੇਜ ਸਹੂਲਤਾਂ ਦੀ ਪੜਤਾਲ ਕਰਨ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਅਣਅਧਿਕਾਰਤ ਜਾਂ ਗੈਰ-ਕਾਨੂੰਨੀ ਵਿਕਰੀ ਦੇ ਮਾਮਲਿਆਂ ਦੀ ਪਛਾਣ ਕਰਨ ਲਈ ਵੀ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਟੀਮਾਂ ਨੂੰ ਮੋਬਾਈਲ ਡਿਸਪੈਂਸਰਾਂ ਜਾਂ ਕਿਸੇ ਹੋਰ ਗੈਰ-ਕਾਨੂੰਨੀ ਤਰੀਕੇ ਨਾਲ ਫਿਊਲ ਦੀ ਅਣਅਧਿਕਾਰਤ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੈਟਰੋਲੀਅਮ ਪਦਾਰਥਾਂ ਦੀ ਵਿਕਰੀ ਨਾਲ ਸਬੰਧਤ ਸਾਰੇ ਕਾਨੂੰਨੀ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ,‘ਫਿਊਲ ਵਿੱਚ ਮਿਲਾਵਟ ਤੇ ਪੈਟਰੋਲੀਅਮ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਨਾ ਕੇਵਲ ਕਾਨੂੰਨ ਦੀ ਉਲੰਘਣਾ ਹੈ ਬਲਕਿ ਜਨਤਕ ਸੁਰੱਖਿਆ ਤੇ ਖਪਤਕਾਰਾਂ ਦੇ ਹਿੱਤਾਂ ਲਈ ਵੀ ਇੱਕ ਗੰਭੀਰ ਖਤਰਾ ਹੈ। ਅਜਿਹੇ ਅਭਿਆਸਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।’ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 131 ਪੈਟਰੋਲ ਪੰਪ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਮਾਪਦੰਡਾਂ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇਨ੍ਹਾਂ ਆਊਟਲੇਟਾਂ ਤੇ ਅਚਨਚੇਤ ਚੈਕਿੰਗ ਕਰਨ ਲਈ ਸਮਰਪਿਤ ਟੀਮਾਂ ਗਠਿਤ ਕੀਤੀਆਂ ਜਾਣਗੀਆਂ। ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 ਤੇ ਸੰਪਰਕ ਕੀਤਾ ਜਾ ਸਕਦਾ ਹੈ।