ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਡੀਸੀ ਨੇ ਉਲੀਕਿਆ ਰੋਡਮੈਪ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਪ੍ਰਭਾਵਿਤ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਉਲੀਕਿਆ ਵਿਆਪਕ ਰੋਡਮੈਪ
Publish Date: Thu, 15 Oct 2026 08:06 PM (IST)
Updated Date: Thu, 15 Oct 2026 08:09 PM (IST)
--ਪੁਲਿਸ ਕਾਰਵਾਈ, ਜਾਗਰੂਕਤਾ, ਖੇਡਾਂ, ਸਿਹਤ ਸੇਵਾਵਾਂ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਵਿਭਾਗ ਮਿਲ ਕੇ ਕਰਨਗੇ ਕੰਮ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਪੂਰਥਲਾ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੰਮੀਆਂ ਮੀਟਿੰਗਾਂ ਕਰਦਿਆਂ ਵਿਆਪਕ ਰਣਨੀਤੀ ਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ। ਸਮੂਹ ਐੱਸਡੀਐੱਮਜ਼, ਡੀਐੱਸਪੀਜ਼ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਦੇ ਨਾਲ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਸਖ਼ਤ ਕਾਨੂੰਨੀ ਕਾਰਵਾਈ, ਵਿਆਪਕ ਜਨਤਕ ਜਾਗਰੂਕਤਾ, ਸਿਹਤ ਸੇਵਾਵਾਂ, ਖੇਡ ਗਤੀਵਿਧੀਆਂ ਤੇ ਪ੍ਰਭਾਵਿਤ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੋਜ਼ਗਾਰ ਤੇ ਆਜੀਵਿਕਾ ਦੇ ਮੌਕੇ ਪੈਦਾ ਕਰਨ ਵਾਸਤੇ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਨਿਰੰਤਰ ਯਤਨ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਤੇ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਸਮਾਜਿਕ ਕਲੰਕ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਮੁਹਿੰਮ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਿਆਂ ਵੱਲ ਧੱਕਣ ਵਾਲੇ ਸਮਾਜਿਕ ਤੇ ਆਰਥਿਕ ਕਾਰਨਾਂ ਨੂੰ ਦੂਰ ਕਰਨ ’ਤੇ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਅਗਲੇ ਦੋ ਮਹੀਨਿਆਂ ਲਈ ਇੱਕ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਨਸ਼ਾ ਪ੍ਰਭਾਵਿਤ ਪਿੰਡਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਯੋਜਨਾ ਤਹਿਤ ਪੁਲਿਸ, ਸਿਹਤ, ਸਿੱਖਿਆ, ਖੇਡਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਨਾਲ-ਨਾਲ ਨਗਰ ਨਿਗਮ ਤੇ ਹੋਰ ਸਬੰਧਤ ਵਿਭਾਗਾਂ ਨੂੰ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਸਾਰੇ ਨਿਰਧਾਰਤ ਪਿੰਡਾਂ ਵਿੱਚ ਜ਼ਮੀਨੀ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕਾਰਵਾਈਆਂ ਯਕੀਨੀ ਬਣਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਨਿਗਰਾਨੀ ਨੂੰ ਬਿਹਤਰ ਬਣਾਉਣ ਲਈ ਸੀਸੀਟੀਵੀ ਕੈਮਰੇ ਲਗਾਉਣ ਤੇ ਜਨਤਕ ਸੁਰੱਖਿਆ ਵਧਾਉਣ ਦੇ ਨਾਲ-ਨਾਲ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਟਰੀਟ ਲਾਈਟਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਸਬੰਧਤ ਵਿਭਾਗਾਂ ਨੂੰ ਇਨ੍ਹਾਂ ਕੰਮਾਂ ਲਈ ਤਰਜੀਹੀ ਥਾਵਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਖੇਡ ਵਿਭਾਗ ਤੇ ਹੋਰ ਸਬੰਧਤ ਏਜੰਸੀਆਂ ਨੂੰ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਖੇਡ ਮੈਦਾਨ ਵਿਕਸਤ ਕਰਨ ਤੇ ਖੇਡ ਟੂਰਨਾਮੈਂਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਵਧੇਰੇ ਸ਼ਮੂਲੀਅਤ ਨਾਲ ਉਨ੍ਹਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਿਆ ਜਾ ਸਕੇਗਾ, ਅਨੁਸ਼ਾਸਨ ਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ ਤੇ ਨਸ਼ਿਆਂ ਦੇ ਮੁਕਾਬਲੇ ਉਸਾਰੂ ਬਦਲ ਮੁਹੱਈਆ ਕਰਵਾਏ ਜਾ ਸਕਣਗੇ। ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਸ਼ਾ ਛੁਡਾਊ, ਮੁੜ ਵਸੇਬੇ, ਕੌਂਸਲਿੰਗ ਤੇ ਆਰਥਿਕ ਸਸ਼ਕਤੀਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਲਈ ਕੌਂਸਲਿੰਗ ਤੇ ਹੁਨਰ ਵਿਕਾਸ ਸਿਖਲਾਈ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਢੁੱਕਵੇਂ ਰੋਜ਼ਗਾਰ ਤੇ ਆਜੀਵਿਕਾ ਦੇ ਮੌਕੇ ਤਲਾਸ਼ਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਵਿਦਿਅਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਭਾਈਚਾਰਕ ਨੁਮਾਇੰਦਿਆਂ ਤੇ ਹੋਰ ਸਬੰਧਤ ਧਿਰਾਂ ਦੀ ਸ਼ਮੂਲੀਅਤ ਨਾਲ ਵਿਆਪਕ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ, ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਤੇ ਉਨ੍ਹਾਂ ਦੇ ਮੁੜ ਵਸੇਬੇ ਵਿੱਚ ਪਰਿਵਾਰਾਂ ਤੇ ਸਮਾਜ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਸਪੱਸ਼ਟ ਸਮਾਂ-ਸੀਮਾ ਤੈਅ ਕਰਕੇ ਕੰਮ ਕਰਨ ਤੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।