ਭੁਲੱਥ ’ਚ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ
Publish Date: Sat, 29 Aug 2026 08:49 PM (IST)
Updated Date: Sat, 29 Aug 2026 08:52 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਤੇ ਐੱਸਐੱਸਪੀ ਗੌਰਵ ਤੂਰਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ਾਨਦਾਰ ਡਰੋਨ ਸ਼ੋਅ 2 ਸਤੰਬਰ ਨੂੰ ਸ਼ਾਮ 7 ਵਜੇ ਭੁਲੱਥ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਤ ਦੇ ਆਕਾਸ਼ ਵਿੱਚ ਇਹ ਪ੍ਰਭਾਵਸ਼ਾਲੀ ਡਿਜੀਟਲ ਪ੍ਰਦਰਸ਼ਨ ਇੱਕ ਆਕਰਸ਼ਕ ਹਵਾਈ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਏਗਾ, ਜਿਸ ਵਿੱਚ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਅਮਰ ਸੰਦੇਸ਼ ਨਾਲ ਜੋੜਨ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਹ ਡਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਦਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ, ਅਜਿਹੇ ਹੀ ਡਰੋਨ ਸ਼ੋਅ 1 ਸਤੰਬਰ ਨੂੰ ਫਗਵਾੜਾ ਦੇ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਸਟੇਡੀਅਮ/ਬਾਬਾ ਗਦੀਆ ਗਰਾਊਂਡ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਵੀ ਹੋਣਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਬਣਾਏ ਰੱਖਣ ਤੇ ਪ੍ਰਬੰਧਾਂ ਨੂੰ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਆਰਾਮ ਨਾਲ ਤੇ ਸੁਰੱਖਿਅਤ ਢੰਗ ਨਾਲ ਦੇਖ ਸਕਣ।