ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
Publish Date: Wed, 14 Jan 2026 07:28 PM (IST)
Updated Date: Thu, 15 Jan 2026 04:10 AM (IST)

- ਅਧਿਕਾਰੀਆਂ ਨੂੰ ਰਿਕਵਰੀ ਦੇ ਕੇਸਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ - ਆਪਸੀ ਸਹਿਮਤੀ ਵਾਲੇ ਇੰਤਕਾਲ ਦੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਹੁਕਮ - ਈਜੀ ਰਜਿਸਟਰੀ ਤਹਿਤ ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਵੀ ਕੀਤੀ ਸਮੀਖਿਆ ਕੈਪਸ਼ਨ: 14ਕੇਪੀਟੀ20 ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਅੱਜ ਇੱਥੇ ਦਫ਼ਤਰ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਰਿਕਵਰੀ ਦੇ ਕੇਸਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਸਰਕਾਰੀ ਖਜ਼ਾਨੇ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਸਰਕਾਰੀ ਮਾਲੀਏ ਦੀ ਰਿਕਵਰੀ ਨੂੰ ਪਹਿਲ ਦਿੱਤੀ ਜਾਵੇ ਤੇ ਇਸ ਸਬੰਧੀ ਹਫ਼ਤਾਵਾਰੀ ਰਿਪੋਰਟ ਦਿੱਤੀ ਜਾਵੇ। ਮਾਲ ਵਿਭਾਗ ਵਲੋਂ ਇੰਤਕਾਲ ਦੇ ਬਕਾਇਆ ਪਏ ਕੇਸਾਂ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਸੀ ਸਹਿਮਤੀ ਵਾਲੇ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਤਕਾਲ, ਵੰਡ,ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਇੱਕ ਮੁਹਿੰਮ ਦੇ ਤੌਰ ਤੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਸਬੰਧਿਤ ਐਸ.ਡੀ.ਐਮਜ਼ ਆਪਸੀ ਸਮਝ ਵਾਲੇ ਕੇਸਾਂ ਵਿਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਮੂਹ ਐੱਸਡੀਐੱਮਜ਼ ਨੂੰ ਰੋਜ਼ਾਨਾ ਇੰਤਕਾਲਾਂ ਦੇ ਕੇਸਾਂ ਦੀ ਸਮੀਖਿਆ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵਿਭਾਗ ਦੇ ਅਦਾਲਤੀ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਵੀ ਹੁਕਮ ਦਿੱਤੇ। ਇਸ ਤੋਂ ਇਲਾਵਾ ਈਜੀ ਰਜਿਸਟਰੀ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਸਰਲ ਤਰੀਕੇ ਨਾਲ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਗਏ।