ਐੱਸਆਈਆਰ ਨੋਟਿਸਾਂ ਦੀ ਸੁਣਵਾਈ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਐਸ.ਆਈ.ਆਰ ਨੋਟਿਸਾਂ ਦੀ ਸੁਣਵਾਈ ਦੀ ਪ੍ਰਗਤੀ ਦਾ ਜਾਇਜ਼ਾ
Publish Date: Tue, 22 Sep 2026 08:57 PM (IST)
Updated Date: Tue, 22 Sep 2026 09:00 PM (IST)
---ਬੀਐੱਲਓਜ਼ ਨੂੰ ਨਿਰਧਾਰਤ ਸਮੇਂ ਦੇ ਅੰਦਰ ਬਕਾਇਆ ਕੰਮ ਨਿਪਟਾਉਣ ਦੇ ਨਿਰਦੇਸ਼ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ 50 ਬੀਐੱਲਓਜ਼, ਜਿਨ੍ਹਾਂ ਦੀ ਨੋਟਿਸਾਂ ਦੀ ਸੁਣਵਾਈ ਵਿੱਚ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਪਾਈ ਗਈ, ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਵਰਚੁਅਲ ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਬੀਐੱਲਓਜ਼ ਤੋਂ ਬਕਾਇਆ ਪਏ ਕੰਮ ਦੇ ਕਾਰਨਾਂ ਬਾਰੇ ਵੇਰਵੇ ਮੰਗੇ ਤੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਨੋਟਿਸ-ਸੁਣਵਾਈ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਨੁਸਾਰ ਅਣਮੈਪਡ ਵੋਟਰਾਂ ਤੇ ਲਾਜੀਕਲ ਖਾਮੀਆਂ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਤੇ ਸੁਣਵਾਈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਣਮੈਪਡ ਤੇ ਲਾਜੀਕਲ ਖਾਮੀਆਂ ਵਾਲੇ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਸਬੰਧਤ ਬੀਐੱਲਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ, ਕਿ ਉਹ 30 ਸਤੰਬਰ, 2026 ਤੋਂ ਪਹਿਲਾਂ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਦੇਣ, ਤਾਂ ਜੋ ਮਿੱਥੇ ਸਮੇਂ ਦੇ ਅੰਦਰ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।