ਅਕਾਲੀ ਦਲ ਕਰੇਗਾ ਕਾਨੂੰਨ ਵਿਵਸਥਾ ਨੂੰ ਮਜ਼ਬੂਤ : ਆਹਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਤੇ ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਪ੍ਰਦਾਨ ਕੀੜੀ ਜਾਵੇਗੀ : ਆਹਲੀ
Publish Date: Sat, 19 Sep 2026 09:06 PM (IST)
Updated Date: Sat, 19 Sep 2026 09:08 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇੱਕ ਅਜਿਹੀ ਸਰਕਾਰ ਦੀ ਉਡੀਕ ਕਰ ਰਹੇ ਹਨ ਜੋ ਸਿਰਫ਼ ਇਸ਼ਤਿਹਾਰਾਂ ਤੇ ਐਲਾਨਾਂ ਤੱਕ ਸੀਮਤ ਨਾ ਹੋਵੇ, ਸਗੋਂ ਜ਼ਮੀਨੀ ਪੱਧਰ ’ਤੇ ਸਮਾਜ ਦੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਸਮਝਦੀ ਹੋਵੇ ਤੇ ਵਿਕਾਸ, ਰੁਜ਼ਗਾਰ, ਖੇਤੀਬਾੜੀ, ਸਿੱਖਿਆ, ਸਿਹਤ, ਜਨਤਕ ਸਹੂਲਤਾਂ ਤੇ ਮਜ਼ਬੂਤ ਕਾਨੂੰਨ ਵਿਵਸਥਾ ਨੂੰ ਤਰਜੀਹ ਦਿੰਦੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ, ਤਾਂ ਇਹ ਪੰਜਾਬ ਦੇ ਹਰ ਵਰਗ ਨੂੰ ਲਾਭ ਪ੍ਰਦਾਨ ਕਰੇਗੀ ਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਗਤੀ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਉਂਦੀ ਹੈ, ਤਾਂ ਕਿਸਾਨਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਬਿਜਲੀ ਕੁਨੈਕਸ਼ਨ ਦੇਣ,ਫਸਲ ਖਰੀਦ ਪ੍ਰਣਾਲੀ ਨੂੰ ਹੋਰ ਭਰੋਸੇਯੋਗ ਤੇ ਮਜ਼ਬੂਤ ਬਣਾਉਣ, ਸਿੰਚਾਈ ਸਹੂਲਤਾਂ ਵਿੱਚ ਸੁਧਾਰ ਕਰਨ ਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਆਹਲੀ ਨੇ ਕਿਹਾ ਕਿ ਨੌਜਵਾਨਾਂ ਲਈ ਵਧੇਰੇ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਕਾਲੀ ਦਲ ਦੀਆਂ ਤਰਜੀਹਾਂ ਵਿੱਚੋਂ ਇੱਕ ਹੋਵੇਗਾ। ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਮੌਕੇ ਪ੍ਰਦਾਨ ਕੀਤੇ ਜਾਣਗੇ। ਕਾਰੋਬਾਰ ਸ਼ੁਰੂ ਕਰਨ ਲਈ ਲੰਬੇ ਸਮੇਂ ਦੇ ਵਿਆਜ ਮੁਕਤ ਕਰਜ਼ੇ ਪ੍ਰਦਾਨ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ, ਤਾਂ ਜੋ ਨੌਜਵਾਨ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ ਤੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਤਹਿਤ ਬਜ਼ੁਰਗਾਂ ਲਈ 3,100 ਰੁਪਏ ਮਹੀਨਾਵਾਰ ਪੈਨਸ਼ਨ ਤੇ ਧੀਆਂ ਲਈ 1 ਲੱਖ ਰੁਪਏ ਦੀ ਗ੍ਰਾਂਟ ਦਾ ਵਾਅਦਾ ਵੀ ਲੋਕ ਭਲਾਈ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਇਸ ਦੇ ਨਾਲ ਹੀ ਆਮ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ ਤੇ ਹੋਰ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਲਈ ਯੋਜਨਾਬੱਧ ਯਤਨ ਕੀਤੇ ਜਾਣਗੇ। ਸਰਕਾਰ ਪੰਜਾਬ ਦੇ ਬੱਚਿਆਂ ਨੂੰ ਮੈਡੀਕਲ, ਇੰਜੀਨੀਅਰਿੰਗ ਤੇ ਹੋਰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਹੋਣਹਾਰ ਬੱਚੇ ਵੀ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਮਜ਼ਬੂਤ ਕਾਨੂੰਨ ਵਿਵਸਥਾ ਵੀ ਅਕਾਲੀ ਦਲ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਸ਼ਾਂਤੀ ਤੇ ਕਾਨੂੰਨ ਵਿਵਸਥਾ ਮਜ਼ਬੂਤ ਹੋਵੇਗੀ, ਉੱਥੇ ਉਦਯੋਗ, ਵਪਾਰ, ਨਿਵੇਸ਼ ਤੇ ਰੁਜ਼ਗਾਰ ਦੇ ਮੌਕੇ ਵਧਦੇ-ਫੁੱਲਦੇ ਹਨ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ, ਜੋ ਕਿ ਇੱਕ ਖੇਤਰੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਤੇ ਸੂਬੇ ਦੇ ਹਿੱਤਾਂ ਨੂੰ ਤਰਜੀਹ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਪੰਜਾਬ ਦੀਆਂ ਮੰਗਾਂ, ਕਿਸਾਨਾਂ ਤੇ ਸੂਬੇ ਵਿੱਚ ਸ਼ਾਂਤੀ ਦੀ ਰਾਖੀ ਲਈ ਵਚਨਬੱਧਤਾ ਪ੍ਰਗਟਾਈ ਹੈ। ਪਾਰਟੀ ਭਵਿੱਖ ਵਿੱਚ ਵੀ ਪੂਰੀ ਤਾਕਤ ਨਾਲ ਪੰਜਾਬ ਦੇ ਹੱਕਾਂ ਤੇ ਲੋਕਾਂ ਦੀਆਂ ਇੱਛਾਵਾਂ ਦੀ ਰਾਖੀ ਲਈ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਗਿਆ ਫਤਵਾ ਸੂਬੇ ਦੀ ਭਵਿੱਖੀ ਦਿਸ਼ਾ ਨਿਰਧਾਰਤ ਕਰੇਗਾ। ਇਸ ਮੌਕੇ ਸਤਬੀਰ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ,ਬਿੱਟੂ ਖੀਰਾਂਵਾਲੀ, ਹਰਜਿੰਦਰ ਸਿੰਘ ਸ਼ੇਖ ਮਾਂਗਾ, ਪ੍ਰਕਾਸ਼ ਸਿੰਘ, ਦਿਲਬਾਗ ਸਿੰਘ, ਦੇਸ਼ਲ, ਸ਼ਿੰਦਰ ਸਿੰਘ ਫੱਤੂਢੀਂਗਾ, ਮੰਗਲ ਸਿੰਘ, ਬੱਬੂ ਲੱਲੇ ਪੀਏ ਆਦਿ ਹਾਜ਼ਰ ਸਨ।