13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸੁਲਤਾਨਪੁਰ ਲੋਧੀ ਦਾ ਚਿਹਰਾ ਬਦਲਣਗੇ : ਧੀਰ
13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸੁਲਤਾਨਪੁਰ ਲੋਧੀ ਦਾ ਚਿਹਰਾ ਬਦਲ ਦੇਣਗੇ-ਰਾਜੀਵ ਧੀਰ
Publish Date: Tue, 03 Mar 2026 08:25 PM (IST)
Updated Date: Tue, 03 Mar 2026 08:26 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਵਿਕਾਸ ਕਾਰਜਾਂ ਨੇ ਤੇਜ਼ੀ ਫੜ ਲਈ ਹੈ। ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਸ਼ਹੀਦ ਊਧਮ ਸਿੰਘ ਚੌਕ ਨੇੜੇ ਬਣ ਰਹੀ ਨਵੀਂ ਸੜਕ ਦਾ ਨਿਰੀਖਣ ਕੀਤਾ ਤੇ ਨਿਰਮਾਣ ਕਾਰਜ ਦੀ ਗੁਣਵੱਤਾ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ। ਇਸ ਮੌਕੇ ਆਪ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਦੱਸਿਆ ਕਿ ਸ਼ਹਿਰ ਵਿਚ ਇਸ ਹਫ਼ਤੇ ਵਿਆਪਕ ਸੜਕ ਤੇ ਗਲੀਆਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੀ ਲਾਗਤ ਲਗਭਗ 13 ਕਰੋੜ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਤੇ ਆਮ ਲੋਕਾਂ ਨੂੰ ਲੰਬੇ ਸਮੇਂ ਲਈ ਰਾਹਤ ਪ੍ਰਦਾਨ ਕਰਨਗੇ। ਰਾਜੀਵ ਧੀਰ ਨੇ ਸਪੱਸ਼ਟ ਕੀਤਾ ਕਿ ਵਿਕਾਸ ਪ੍ਰੋਜੈਕਟਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਨਿਰਮਾਣ ਵਿਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਤੇ ਕੰਮ ਨੂੰ ਪੂਰੀ ਪਾਰਦਰਸ਼ਤਾ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਚ ਵਿਕਾਸ ਦੀ ਇਹ ਨਵੀਂ ਲਹਿਰ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਤੇ ਨਿਰੰਤਰ ਯਤਨਾਂ ਸਦਕਾ ਸੰਭਵ ਹੋਈ ਹੈ। ਸੱਜਣ ਸਿੰਘ ਚੀਮਾ ਇਲਾਕੇ ਦੇ ਵਿਕਾਸ ਲਈ ਲਗਾਤਾਰ ਵਚਨਬੱਧ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਸ਼ਹਿਰ ਨੂੰ ਆਧੁਨਿਕ ਤੇ ਸੁਵਿਧਾਜਨਕ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਵਿਕਾਸ ਕਾਰਜਾਂ ਦਾ ਸਵਾਗਤ ਕੀਤਾ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਰਾਜੀਵ ਧੀਰ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸੁਲਤਾਨਪੁਰ ਲੋਧੀ ਜਲਦੀ ਹੀ ਵਿਕਾਸ ਦੀਆਂ ਨਵੀਆਂ ਉਚਾਈਆਂ ਤੇ ਪਹੁੰਚ ਜਾਵੇਗਾ। ਇਸ ਮੌਕੇ ਕੌਂਸਲਰ ਰਜਿੰਦਰ ਸਿੰਘ, ਸਾਬਕਾ ਕੌਂਸਲਰ ਵਿੱਕੀ ਚੌਹਾਨ ਤੇ ਸ਼ਿੰਦਪਾਲ ਵੀ ਮੌਜੂਦ ਸਨ।