ਡਾ. ਚੱਬੇਵਾਲ ਦੇ ਹਲਕਾ ਇੰਚਾਰਜ ਬਣਨ ’ਤੇ ਫਗਵਾੜਾ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਫਗਵਾੜਾ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ
Publish Date: Mon, 06 Jul 2026 07:48 PM (IST)
Updated Date: Tue, 07 Jul 2026 04:03 AM (IST)
ਗੁਰੂ ਹਰਗੋਬਿੰਦ ਨਗਰ ਵਿਖੇ ਬਣ ਰਹੀ ਸੜਕ ਤੇ ਮਟੀਰੀਅਲ ਦਾ ਜਾਇਜਾ ਲੈਂਦੇ ਹੋਏ ਹਲਕਾ ਇੰਚਾਰਜ ਡਾ. ਚੱਬੇਵਾਲ, ਮੇਅਰ ਰਾਮਪਾਲ ਉੱਪਲ ਤੇ ਹੋਰ। ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਫਗਵਾੜਾ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲਦੀ ਦਿਖਾਈ ਦੇ ਰਹੀ ਹੈ। ਜਿਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਦੀ ਮੰਗ ਨੂੰ ਲੈ ਕੇ ਫਗਵਾੜਾ ਵਾਸੀ ਕਈ ਦਹਾਕਿਆਂ ਤੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਰਹੇ, ਉਨ੍ਹਾਂ ਤੇ ਹੁਣ ਕੰਮ ਸ਼ੁਰੂ ਹੋ ਗਿਆ ਹੈ। ਪਲਾਹੀ ਰੋਡ ਦੀ ਸੜਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬੰਗਾ ਰੋਡ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਤਨਾਮਪੁਰਾ ਪੁਲ ਹੇਠਾਂ ਸੜਕ ਨੂੰ ਪੱਕਾ ਕਰਨ ਦਾ ਕੰਮ ਵੀ ਪੂਰਾ ਹੋ ਗਿਆ ਹੈ। ਉੱਧਰ, ਗੁਰੂ ਹਰਿਗੋਬਿੰਦ ਨਗਰ ਇਲਾਕੇ ਦੀਆਂ ਦਹਾਕਿਆਂ ਪੁਰਾਣੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜੰਗੀ ਪੱਧਰ ਤੇ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨੀਅਤ ਸਾਫ਼ ਅਤੇ ਇੱਛਾ ਸ਼ਕਤੀ ਮਜ਼ਬੂਤ ਹੋਵੇ ਤਾਂ ਲੰਬੇ ਸਮੇਂ ਤੋਂ ਲਟਕੇ ਵਿਕਾਸ ਕਾਰਜ ਕੁਝ ਮਹੀਨਿਆਂ ਵਿੱਚ ਵੀ ਪੂਰੇ ਕੀਤੇ ਜਾ ਸਕਦੇ ਹਨ। ਡਾ. ਰਾਜਕੁਮਾਰ ਚੱਬੇਵਾਲ ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਸ਼ੁਰੂ ਹੋਏ ਇਹ ਵਿਕਾਸ ਕਾਰਜ ਫਗਵਾੜਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੇ ਜਾ ਰਹੇ ਹਨ। ਗੁਰੂ ਹਰਗੋਬਿੰਦ ਨਗਰ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ ਦਾ ਹਲਕਾ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਵੱਲੋਂ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਨਿਰਮਾਣ ਕਾਰਜ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਾ. ਚੱਬੇਵਾਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਗੁਰੂ ਹਰਗੋਬਿੰਦ ਨਗਰ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵੀ ਨਿਖਰੇਗੀ। ਇਸ ਮੌਕੇ ਸਥਾਨਕ ਵਸਨੀਕਾਂ ਨੇ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਡਾ. ਚੱਬੇਵਾਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪ੍ਰਾਜੈਕਟ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।