ਮਿੱਠੜਾ ਕਾਲਜ ’ਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ
Publish Date: Sun, 08 Feb 2026 09:31 PM (IST)
Updated Date: Sun, 08 Feb 2026 09:32 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਮਾਈ ਭਾਰਤ ਕਪੂਰਥਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਗਗਨਦੀਪ ਕੌਰ, ਜ਼ਿਲ੍ਹਾ ਯੂਥ ਅਫਸਰ, ਮਾਈ ਭਾਰਤ ਕਪੂਰਥਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨਾਂ ਵਜੋਂ ਪ੍ਰਿੰਸੀਪਲ ਨਿਰਮਲ ਸਿੰਘ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ), ਪ੍ਰਿੰਸੀਪਲ ਸ਼੍ਰੀ ਸ਼ਸ਼ੀ ਕੁਮਾਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ) ਅਤੇ ਸੀਤਲ ਸਿੰਘ ਥਿੰਦ (ਪਿੰਡ ਸੰਧਰ ਜਗੀਰ) ਹਾਜ਼ਰ ਰਹੇ। ਖੇਡਾਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਵੱਲੋਂ ਮਾਰਚ ਪਾਸਟ ਉਪਰੰਤ ਮੁੱਖ ਮਹਿਮਾਨਾਂ ਤੋਂ ਰਸਮੀ ਆਗਿਆ ਲੈ ਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ, ਫੁੱਟਬਾਲ, ਬੈਡਮਿੰਟਨ, ਰੱਸਾ ਕੱਸੀ, ਲੰਬੀ ਛਾਲ, ਸ਼ਾਟਪੁੱਟ ਤੇ 100, 400, 800 ਤੇ 1600 ਮੀਟਰ ਦੌੜਾਂ ਵਿਚ ਲੜਕੇ ਤੇ ਲੜਕੀਆਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਲੈਮਨ ਰੇਸ ਤੇ ਸੈਕ ਰੇਸ ਵਰਗੀਆਂ ਮਨੋਰੰਜਕ ਖੇਡਾਂ ਵੀ ਆਯੋਜਿਤ ਕੀਤੀਆਂ ਗਈਆਂ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਜਵਾਹਰ ਨਵੋਦਿਆ ਵਿਦਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲਾਣਾ, ਅਮਰਪੁਰੀ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਤੇ ਤਲਵੰਡੀ ਚੌਧਰੀਆਂ ਤੋਂ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਮਹੱਤਵਪੂਰਣ ਹਿੱਸਾ ਹਨ। ਇਸ ਤਰ੍ਹਾਂ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਅਗਵਾਈ ਦੇ ਗੁਣ ਪੈਦਾ ਕਰਦੇ ਹਨ ਤੇ ਪਿੰਡ ਪੱਧਰ ਦੀ ਪ੍ਰਤਿਭਾ ਨੂੰ ਅੱਗੇ ਲਿਆਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜ਼ਿਲ੍ਹਾ ਯੂਥ ਅਫਸਰ ਮੈਡਮ ਗਗਨਦੀਪ ਕੌਰ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅੱਜ ਦਾ ਨੌਜਵਾਨ ਜੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅੰਗ ਬਣਾਏ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦਾ ਹੈ। ਪ੍ਰੋਗਰਾਮ ਕੋਆਡੀਨੇਟਰ ਡਾ. ਪਰਮਜੀਤ ਕੌਰ, ਮੁਖੀ ਕਾਮਰਸ ਵਿਭਾਗ ਨੇ ਕਿਹਾ ਕਿ ਕਾਲਜ ਸਦਾ ਹੀ ਖੇਡਾਂ ਤੇ ਅਕਾਦਮਿਕ ਗਤੀਵਿਧੀਆਂ ਨੂੰ ਇਕਸਾਰ ਮਹੱਤਵ ਦਿੰਦਾ ਆ ਰਿਹਾ ਹੈ ਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਮੰਚ ਪ੍ਰਦਾਨ ਕਰਨ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਂਦਾ ਰਹੇਗਾ। ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਨਿਰਮਲ ਸਿੰਘ ਜੀ ਨੇ ਖਿਡਾਰੀ ਜੀਵਨ ਵਿਚ ਅਨੁਸ਼ਾਸਨ, ਟੀਮ ਵਰਕ ਦੀ ਭਾਵਨਾ ਤੇ ਸੰਜਮ ਦੀ ਮਹੱਤਤਾ ਦੱਸਦਿਆਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੇ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਸਿਹਤਮੰਦ ਜੀਵਨ ਤੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ। ਐੱਨਐੱਸਐੱਸ ਕੋਆਰਡੀਨੇਟਰ ਤੇ ਮੁਖੀ ਵਿਗਿਆਨ ਵਿਭਾਗ ਡਾ. ਪਰਮਜੀਤ ਕੌਰ ਵੱਲੋਂ ਮਾਈ ਭਾਰਤ ਕਪੂਰਥਲਾ, ਆਏ ਹੋਏ ਸਾਰੇ ਮਹਿਮਾਨਾਂ, ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਮੈਂਬਰਾਂ, ਖਿਡਾਰੀਆਂ ਤੇ ਕਾਲਜ ਦੇ ਸਮੂਹ ਸਟਾਫ ਦਾ ਸਹਿਯੋਗ ਲਈ ਧੰਨਵਾਦ ਕੀਤਾ। ਜੇਤੂ ਖਿਡਾਰੀਆਂ ਨੂੰ ਟਰਾਫ਼ੀਆਂ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਵਿਚ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਦਾ ਮਹੱਤਵਪੂਰਨ ਰੋਲ ਰਿਹਾ।