ਫਗਵਾੜਾ ’ਚ ਸੁੰਦਰੀਕਰਨ ਤੋਂ ਬਾਅਦ ਤਿਆਰ ਕੀਤੀਆਂ ਥਾਵਾਂ ਲੋਕਾਂ ਨੂੰ ਕੀਤੀਆਂ ਸਮਰਪਿਤ ਚੱਬੇਵਾਲ ਨੇ ਫਗਵਾੜਾ ਦੇ ਤਿੰਨ ਪ੍ਰਮੁੱਖ ਸਥਾਨਾਂ ’ਤੇ ਸੁੰਦਰੀਕਰਨ ਤੋਂ ਬਾਅਦ ਤਿਆਰ ਕੀਤੀਆਂ ਥਾਵਾਂ ਲੋਕਾਂ ਨੂੰ ਕੀਤੀਆਂ ਸਮਰਪਿਤ
Publish Date: Tue, 03 Nov 2026 07:40 PM (IST)
Updated Date: Tue, 03 Nov 2026 07:41 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸੁੰਦਰੀਕਰਨ ਲਈ ਚਲਾਈ ਜਾ ਰਹੀ ਵੱਡੀ ਮੁਹਿੰਮ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਫਗਵਾੜਾ ਦੇ ਤਿੰਨ ਪ੍ਰਮੁੱਖ ਸਥਾਨਾਂ ’ਤੇ ਸੁੰਦਰੀਕਰਨ ਤੋਂ ਬਾਅਦ ਤਿਆਰ ਕੀਤੀਆਂ ਜਨਤਕ ਥਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਪਹਿਲਕਦਮੀ ਨਾਲ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ਦੀ ਦਿੱਖ ਵਿੱਚ ਨਵਾਂ ਨਿਖਾਰ ਆਇਆ ਹੈ। ਸੁੰਦਰੀਕਰਨ ਕੀਤੀਆਂ ਗਈਆਂ ਇਨ੍ਹਾਂ ਥਾਵਾਂ ਵਿੱਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਮੰਦਰ ਦੇ ਨੇੜੇ, ਗੁਰੂ ਹਰਗੋਬਿੰਦ ਨਗਰ ਦੇ ਪ੍ਰਵੇਸ਼ ਦੁਆਰ ਤੇ ਮਾਡਲ ਟਾਊਨ ਦੇ ਪ੍ਰਵੇਸ਼ ਦੁਆਰ ’ਤੇ ਸਥਿਤ ਸਥਾਨ ਸ਼ਾਮਲ ਹਨ। ਇਸ ਸੁੰਦਰੀਕਰਨ ਮੁਹਿੰਮ ਵਿੱਚ ਨਗਰ ਨਿਗਮ ਨਾਲ ਸਹਿਯੋਗ ਕਰਨ ਵਾਲੀਆਂ ਨਿੱਜੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੇ ਯੋਗਦਾਨ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਰੂਪ ਵਿੱਚ ਤਿਆਰ ਕੀਤੀਆਂ ਗਈਆਂ ਇਹ ਜਨਤਕ ਥਾਵਾਂ ਫਗਵਾੜਾ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਸੁੰਦਰ ਵਾਤਾਵਰਣ ਪ੍ਰਦਾਨ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਫਗਵਾੜਾ ਵਿੱਚ ਹੋਰ ਵੀ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਤੇ ਫਗਵਾੜਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਦਿੱਖ, ਬੁਨਿਆਦੀ ਢਾਂਚੇ ਤੇ ਸਮੁੱਚੇ ਸ਼ਹਿਰੀ ਵਾਤਾਵਰਣ ਨੂੰ ਬਿਹਤਰ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸਪਾਂਸਰ ਸੰਸਥਾਵਾਂ ਤੇ ਨਗਰ ਨਿਗਮ ਵੱਲੋਂ ਇਨ੍ਹਾਂ ਥਾਵਾਂ ਦੀ ਸਾਂਝੇ ਤੌਰ ’ਤੇ ਸਾਂਭ-ਸੰਭਾਲ ਕੀਤੀ ਜਾਵੇਗੀ, ਤਾਂ ਜੋ ਇਨ੍ਹਾਂ ਦੀ ਸੁੰਦਰਤਾ ਬਰਕਰਾਰ ਰਹੇ। ਐੱਮਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਵੀ ਕਈ ਸੁੰਦਰ ਬਣਾਈਆਂ ਗਈਆਂ ਜਨਤਕ ਥਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਹੋਰ ਸੰਸਥਾਵਾਂ ਤੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਫਗਵਾੜਾ ਸ਼ਹਿਰ ਦੀ ਸੁੰਦਰਤਾ ਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਇਸ ਮਹੱਤਵਪੂਰਨ ਉਪਰਾਲੇ ਵਿੱਚ ਨਗਰ ਨਿਗਮ ਨਾਲ ਸਹਿਯੋਗ ਕਰਨ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।