ਦਿਵਾਲੀ ਸਿਰਫ਼ ਤਿਉਹਾਰ ਨਹੀਂ, ਸਾਡੀ ਵਿਰਾਸਤ ਦਾ ਪ੍ਰਤੀਕ : ਸ਼ਰਨਜੀਤ ਸਿੰਘ ਦਿਵਾਲੀ ਸਿਰਫ਼ ਤਿਉਹਾਰ ਨਹੀਂ, ਸਾਡੀ ਆਸਥਾ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ : ਸ਼ਰਨਜੀਤ ਸਿੰਘ
Publish Date: Sat, 07 Nov 2026 08:28 PM (IST)
Updated Date: Sat, 07 Nov 2026 08:29 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਸਮੂਹ ਫਗਵਾੜਾ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਤੇ ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਕਿਹਾ ਕਿ ਦੀਵਾਲੀ ਸਿਰਫ਼ ਰੌਸ਼ਨੀ ਦਾ ਤਿਉਹਾਰ ਨਹੀਂ, ਸਗੋਂ ਸਾਡੀ ਆਸਥਾ, ਸੱਭਿਆਚਾਰ ਤੇ ਯੁੱਗਾਂ ਤੋਂ ਚੱਲੀ ਆ ਰਹੀ ਰੀਤੀ-ਰਿਵਾਜਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਅੰਦਰ ਦੀਵਾਲੀ ਦਾ ਤਿਉਹਾਰ ਸਦੀਆਂ ਤੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਆ ਰਿਹਾ ਹੈ। ਸ਼ਰਨਜੀਤ ਸਿੰਘ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਬੁਰਾਈ ਤੋਂ ਚੰਗਿਆਈ ਵੱਲ ਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਨਾ ਦਿੰਦਾ ਹੈ। ਇਹ ਤਿਉਹਾਰ ਸਾਨੂੰ ਆਪਣੀਆਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ ਤੇ ਏਕਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖ਼ੁਸ਼ੀ ਉਦੋਂ ਹੀ ਹੈ ਜਦੋਂ ਸਮਾਜ ਦਾ ਹਰ ਵਰਗ ਇਨ੍ਹਾਂ ਖ਼ੁਸ਼ੀਆਂ ਵਿੱਚ ਸ਼ਾਮਲ ਹੋਵੇ ਤੇ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ। ਇਸ ਮੌਕੇ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਕਿਹਾ ਕਿ ਦੀਵਾਲੀ ਦਾ ਇਤਿਹਾਸ ਸਾਡੀਆਂ ਧਾਰਮਿਕ ਤੇ ਸੱਭਿਆਚਾਰਕ ਮਾਨਤਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ। ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਇਸ ਦਿਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਇਹ ਦਿਹਾੜਾ ਸਾਨੂੰ ਆਜ਼ਾਦੀ, ਨਿਆਂ, ਮਨੁੱਖਤਾ ਤੇ ਦੂਜਿਆਂ ਦੀ ਭਲਾਈ ਲਈ ਖੜ੍ਹੇ ਹੋਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਆਪਸੀ ਪਿਆਰ, ਸਦਭਾਵਨਾ ਤੇ ਮਿਲਵਰਤਣ ਨਾਲ ਮਨਾਇਆ ਜਾਵੇ। ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੀ ਜਾਵੇ ਤੇ ਲੋੜਵੰਦ ਪਰਿਵਾਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਕੇ ਤਿਉਹਾਰ ਦੀ ਅਸਲ ਭਾਵਨਾ ਨੂੰ ਸਾਕਾਰ ਕੀਤਾ ਜਾਵੇ।