ਬਾਬੇ ਨਾਨਕ ਦੀ ਪਵਿੱਤਰ ਧਰਤੀ ਛੱਡ ਕੇ ਬੱਚਿਆਂ ਨੂੰ ਵਿਦੇਸ਼ ਨਾ ਭੇਜੋ : ਸੰਤ ਸੀਚੇਵਾਲ ਬਾਬੇ ਨਾਨਕ ਦੀ ਪਵਿੱਤਰ ਧਰਤੀ ਛੱਡ ਕੇ ਬੱਚਿਆਂ ਨੂੰ ਵਿਦੇਸ਼ ਨਾ ਭੇਜੋ : ਸੰਤ ਸੀਚੇਵਾਲ
Publish Date: Sun, 15 Nov 2026 09:41 PM (IST)
Updated Date: Sun, 15 Nov 2026 09:42 PM (IST)
ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦਾ ਦਿੱਤਾ ਸੱਦਾ ਹਰੇ ਨਗਰ ਕੀਰਤਨ’ ਦੌਰਾਨ ਸੰਗਤਾਂ ਨੂੰ ਵੰਡਿਆ 5100 ਬੂਟਿਆਂ ਦਾ ਪ੍ਰਸ਼ਾਦ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮਹਾਨ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋ ਕੇ ਦੇਰ ਰਾਤ ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਦੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਪਿੰਡ ਬਲੇਰਖਾਨਪੁਰ ਤੋਂ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਨਗਰ ਕੀਰਤਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਸ਼ਬਦ ਗੁਰੂ ਨਾਲ ਜੋੜਦਿਆਂ ਸਮਾਜਿਕ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਪਿੰਡਾਂ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਚੰਗੇ ਮੌਕੇ ਪੈਦਾ ਕਰਨ ਲਈ ਯਤਨ ਕਰਨ। ਉਨ੍ਹਾਂ ਵਿਦੇਸ਼ਾਂ ਵਿੱਚ ਨੌਜਵਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਤੇ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਦਾ ਵੀ ਜ਼ਿਕਰ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਜਿਸ ਪਵਿੱਤਰ ਧਰਤੀ ’ਤੇ ਬਾਬੇ ਨਾਨਕ ਨੇ ਆਪਣਾ ਜੀਵਨ ਬਤੀਤ ਕੀਤਾ ਤੇ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਦਾ ਸੰਦੇਸ਼ ਦਿੱਤਾ, ਉਸ ਧਰਤੀ ਨੂੰ ਛੱਡ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਖੱਜਲ-ਖੁਆਰ ਹੋਣ ਲਈ ਨਾ ਭੇਜੋ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਬੇਅੰਤ ਸੰਭਾਵਨਾਵਾਂ ਹਨ, ਲੋੜ ਸਿਰਫ਼ ਆਪਣੇ ਹੁਨਰ ਤੇ ਸਰੋਤਾਂ ਨੂੰ ਸਹੀ ਦਿਸ਼ਾ ਵਿੱਚ ਵਰਤਣ ਦੀ ਹੈ। ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਪਰਤਣ ਦਾ ਸੱਦਾ ਦਿੰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਹਰੀ ਕ੍ਰਾਂਤੀ ਦੌਰਾਨ ਪੰਜਾਬ ਨੇ ਪੂਰੇ ਦੇਸ਼ ਦਾ ਢਿੱਡ ਭਰਨ ਵਿੱਚ ਅਹਿਮ ਯੋਗਦਾਨ ਪਾਇਆ, ਪਰ ਇਸ ਦੀ ਕੀਮਤ ਸੂਬੇ ਨੂੰ ਆਪਣੇ ਪਾਣੀ ਤੇ ਮਿੱਟੀ ਦੀ ਉਪਜਾਊ ਸ਼ਕਤੀ ਗੁਆ ਕੇ ਚੁਕਾਉਣੀ ਪੈ ਰਹੀ ਹੈ। ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਨੇ ਧਰਤੀ ਦੀ ਕੁੱਖ ਨੂੰ ਜ਼ਹਿਰੀਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਕਿਸਾਨ ਖੇਤੀ ਦੇ ਅਜਿਹੇ ਤਰੀਕੇ ਅਪਣਾਉਣ, ਜੋ ਮਨੁੱਖੀ ਸਿਹਤ ਦੇ ਨਾਲ-ਨਾਲ ਵਾਤਾਵਰਨ ਲਈ ਵੀ ਲਾਹੇਵੰਦ ਹੋਣ। ਨਗਰ ਕੀਰਤਨ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰਸਤੇ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਤੇ ਜਲ ਦੀ ਸੇਵਾ ਕੀਤੀ ਗਈ। ਗੱਤਕਾ ਖਿਡਾਰੀਆਂ ਨੇ ਆਪਣੇ ਜੌਹਰ ਦਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਵੀ ਸ਼ਬਦ ਕੀਰਤਨ ਰਾਹੀਂ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗਿਆ। ਇਸ ਮੌਕੇ ਪਹਿਲੇ ‘ਹਰੇ ਨਗਰ ਕੀਰਤਨ’ ਦੌਰਾਨ ਸੰਗਤਾਂ ਨੂੰ 5,100 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ।