ਘਰ-ਘਰ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾਈ ਫਗਵਾੜਾ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ ਡਾ. ਚੱਬੇਵਾਲ ਨੇ 13 ਟਾਟਾ ਏਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Publish Date: Mon, 23 Nov 2026 09:12 PM (IST)
Updated Date: Mon, 23 Nov 2026 09:13 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਸਮਰਪਿਤ 13 ਟਾਟਾ ਏਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਪਹਿਲਕਦਮੀ ਨਾਲ ਸ਼ਹਿਰ ਦੀ ਸਫ਼ਾਈ ਮੁਹਿੰਮ ਤੇ ਫਗਵਾੜਾ ਨੂੰ ਹੋਰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਮੇਅਰ ਡਾ. ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਐੱਸਡੀਐੱਮ ਡਾ. ਨਵਜੋਤ ਸ਼ਰਮਾ ਵੀ ਮੌਜੂਦ ਸਨ। ਐੱਮਪੀ ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਗੱਡੀਆਂ ਰਾਹੀਂ ਸ਼ਹਿਰ ਭਰ ਵਿੱਚ ਯੋਜਨਾਬੱਧ ਢੰਗ ਨਾਲ ਘਰ-ਘਰ ਜਾ ਕੇ ਕੂੜਾ ਇਕੱਠਾ ਕੀਤਾ ਜਾਵੇਗਾ, ਜਿਸ ਨਾਲ ਨਗਰ ਨਿਗਮ ਦੀ ਕੂੜਾ ਪ੍ਰਬੰਧਨ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਡਾ. ਚੱਬੇਵਾਲ ਨੇ ਕਿਹਾ ਕਿ ਫਗਵਾੜਾ ਨੂੰ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੇ ਡੰਪਾਂ ਤੋਂ ਮੁਕਤ ਕਰਨ ਲਈ ਸਮੂਹਿਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਚੱਲ ਰਹੀ ਸਫ਼ਾਈ ਮੁਹਿੰਮ ਤਹਿਤ ਅਰਬਨ ਅਸਟੇਟ, ਚਕੋਕੀ, ਸ਼ੂਗਰ ਮਿੱਲ ਦੇ ਸਾਹਮਣੇ ਤੇ ਹਦੀਆਬਾਦ ਸਮੇਤ ਕਈ ਪ੍ਰਮੁੱਖ ਕੂੜਾ ਡੰਪਿੰਗ ਸਾਈਟਾਂ ਦੀ ਪਹਿਲਾਂ ਹੀ ਸਫ਼ਾਈ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਡੀਆਂ ਦੀ ਤਾਇਨਾਤੀ ਨਾਲ ਕੂੜੇ ਦੀ ਨਿਯਮਤ ਚੁਕਾਈ ਯਕੀਨੀ ਬਣਾਈ ਜਾਵੇਗੀ ਤੇ ਜਨਤਕ ਥਾਵਾਂ ਤੇ ਕੂੜਾ ਇਕੱਠਾ ਹੋਣ ਤੋਂ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਗਵਾੜਾ ਨੂੰ ਸੂਬੇ ਦੇ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਫ਼ਾਈ, ਬਿਹਤਰ ਨਾਗਰਿਕ ਸਹੂਲਤਾਂ ਤੇ ਵਸਨੀਕਾਂ ਨੂੰ ਵਧੀਆ ਰਹਿਣ-ਸਹਿਣ ਵਾਲਾ ਮਾਹੌਲ ਮੁਹੱਈਆ ਕਰਵਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਡਾ. ਚੱਬੇਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਘਰੇਲੂ ਕੂੜਾ ਨਗਰ ਨਿਗਮ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨੂੰ ਹੀ ਸੌਂਪਣ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।