ਡਾ. ਚੱਬੇਵਾਲ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਡਾਕਟਰ ਚੱਬੇਵਾਲ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ
Publish Date: Sun, 11 Oct 2026 06:43 PM (IST)
Updated Date: Sun, 11 Oct 2026 06:44 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ, ਹਲਕਾ ਇੰਚਾਰਜ ਤੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਕੁੰਦਨ ਨਾਲ ਵੀ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਵਿੱਚ ਬੀਤੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੀਟਿੰਗ ਦੌਰਾਨ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਨ੍ਹੀਂ ਦਿਨੀਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਬਾਜ਼ਾਰਾਂ ਵਿੱਚ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਸ਼ਹਿਰ ਅੰਦਰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਬਚਣ ਲਈ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਥੋੜ੍ਹਾ ਪਿੱਛੇ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਨਾ ਆਵੇ ਤੇ ਬਾਜ਼ਾਰਾਂ ਵਿੱਚ ਜਾਮ ਦੀ ਸਥਿਤੀ ਪੈਦਾ ਨਾ ਹੋਵੇ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਆਗੂ ਕੁੰਦਨ ਨੇ ਜੇਸੀਟੀ ਮਿੱਲ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੂੰ ਨਾਲ ਲੈ ਕੇ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਬਾਜ਼ਾਰਾਂ ਵਿੱਚ ਭੀੜ ਵਧਣ ਕਾਰਨ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਹੁੰਦਾ ਹੈ। ਇਸ ਲਈ ਦੁਕਾਨਦਾਰਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਉਚਿਤ ਮੌਕਾ ਮਿਲਣਾ ਚਾਹੀਦਾ ਹੈ ਤੇ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਬੇਲੋੜਾ ਤੰਗ-ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ, ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਸਕਣ। ਯੂਥ ਆਗੂ ਕੁੰਦਨ ਨੇ ਕਿਹਾ ਕਿ ਦੁਕਾਨਦਾਰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਪਿੱਛੇ ਕਰਕੇ ਰਖ ਰਹੇ ਹਨ, ਤਾਂ ਜੋ ਜੇਸੀਟੀ ਮਿੱਲ ਮਾਰਕੀਟ ਵਿੱਚ ਆਵਾਜਾਈ ਸੁਚਾਰੂ ਰਹੇ ਅਤੇ ਜਾਮ ਦੀ ਸਮੱਸਿਆ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਦੁਕਾਨਦਾਰਾਂ ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹਾ ਪ੍ਰਬੰਧ ਹੋਣਾ ਚਾਹੀਦਾ ਹੈ, ਜਿਸ ਨਾਲ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਵੀ ਸਹੂਲਤ ਮਿਲੇ ਤੇ ਦੁਕਾਨਦਾਰਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਨਾ ਹੋਵੇ। ਮੀਟਿੰਗ ਦੌਰਾਨ ਸ਼ਹਿਰ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਤੇ ਤਿਉਹਾਰਾਂ ਦੇ ਸੀਜ਼ਨ ਵਿੱਚ ਬਾਜ਼ਾਰਾਂ ਅੰਦਰ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ’ਤੇ ਜ਼ੋਰ ਦਿੱਤਾ ਗਿਆ।