ਡਾ. ਰਾਜ ਨੇ ਮੁੱਖ ਮੰਤਰੀ ਸਿਹਤ ਬੀਮਾ ਦੇ ਕਾਰਡ ਵੰਡੇ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਸਿਹਤ ਬੀਮਾ ਦੇ ਕਾਰਡ ਵੰਡੇ
Publish Date: Fri, 25 Sep 2026 07:42 PM (IST)
Updated Date: Fri, 25 Sep 2026 07:45 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜਗਤਪੁਰ ਜੱਟਾਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਕਪੂਰਥਲਾ ਵਿੱਚ 1.14 ਲੱਖ ਤੋਂ ਵੱਧ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਸ ਤਹਿਤ ਯੋਗ ਪਰਿਵਾਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੀ ਨਕਦ-ਰਹਿਤ ਸਿਹਤ ਕਵਰੇਜ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਤੇ ਗੰਭੀਰ ਬਿਮਾਰੀਆਂ, ਸਰਜਰੀਆਂ ਤੇ ਹੋਰ ਮਹਿੰਗੇ ਇਲਾਜਾਂ ਕਾਰਨ ਪਰਿਵਾਰਾਂ ’ਤੇ ਪੈਣ ਵਾਲੇ ਵਿੱਤੀ ਬੋਝ ਤੋਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ਵਿੱਚ 2,356 ਇਲਾਜ ਪੈਕੇਜ ਉਪਲਬਧ ਹਨ, ਜਿਨ੍ਹਾਂ ਵਿੱਚ 684 ਨਿੱਜੀ ਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਯੋਗ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਿਹਤ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਆਪਣਾ ਆਧਾਰ ਕਾਰਡ ਤੇ ਵੋਟਰ ਆਈਡੀ ਕਾਰਡ ਨਾਲ ਲੈ ਕੇ ਆਉਣਾ ਹੋਵੇਗਾ। ਡਾ. ਚੱਬੇਵਾਲ ਨੇ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਸਿਹਤ, ਸਿੱਖਿਆ, ਸੜਕਾਂ, ਸਮਾਜਿਕ ਸੁਰੱਖਿਆ, ਖੇਡਾਂ, ਪੇਂਡੂ ਬੁਨਿਆਦੀ ਢਾਂਚੇ, ਖੇਤੀਬਾੜੀ, ਸਿੰਚਾਈ ਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਪਹਿਲਕਦਮੀਆਂ ਤੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਸਰਕਾਰ ਦੀਆਂ ਪਹਿਲਕਦਮੀਆਂ ਨਾਲ ਲੋਕਾਂ ਨੂੰ ਮਿਲ ਰਹੇ ਵਿੱਤੀ ਲਾਭਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ।