ਪਿੰਡ ਪਾਂਸ਼ਟਾ ਨੇੜੇ 1 ਕਰੋੜ ਦੀ ਲਾਗਤ ਨਾਲ ਬਣੇਗਾ ਪੁਲ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਪਾਂਸ਼ਟਾ ਨੇੜੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ
Publish Date: Fri, 02 Oct 2026 07:00 PM (IST)
Updated Date: Fri, 02 Oct 2026 07:01 PM (IST)
ਡਾ. ਰਾਜ ਕੁਮਾਰ ਚੱਬੇਵਾਲ ਨੇ ਰੱਖਿਆ ਨੀਂਹ ਪੱਥਰ ਦੋ ਮਹੀਨਿਆਂ ਦੇ ਅੰਦਰ ਕੀਤਾ ਜਾਵੇਗਾ ਮੁਕੰਮਲ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਪਾਂਸ਼ਟਾ ਨੇੜੇ ਕੁਕੋਵਾਲ ਵਿਖੇ ਬਿਸਤ ਦੋਆਬ ਨਹਿਰ ’ਤੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 10 ਮੀਟਰ ਲੰਬੇ ਸਿੰਗਲ-ਸਪੈਨ ਪੁਲ ਦਾ ਨੀਂਹ ਪੱਥਰ ਰੱਖਿਆ। ਪੰਜਾਬ ਮੰਡੀ ਬੋਰਡ ਵੱਲੋਂ ਉਸਾਰੇ ਜਾਣ ਵਾਲੇ ਇਸ ਪੁਲ ਦਾ ਨਿਰਮਾਣ ਕਾਰਜ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਇਸ ਪੁਲ ਦੇ ਬਣਨ ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਆਵਾਜਾਈ ਸਬੰਧੀ ਲੋੜ ਪੂਰੀ ਹੋਵੇਗੀ ਤੇ ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮਕਾਜ ਲਈ ਆਉਣ-ਜਾਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਤੇ ਸੜਕੀ ਸੰਪਰਕ ਵਿੱਚ ਸੁਧਾਰ ਕਰਨਾ ਸਰਕਾਰ ਦੀਆਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਹੈ, ਤਾਂ ਜੋ ਪਿੰਡਾਂ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਡਾ. ਚੱਬੇਵਾਲ ਨੇ ਦੱਸਿਆ ਕਿ ਰਾਵਲਪਿੰਡੀ-ਪੰਛਟ ਸੜਕ ਦੀ ਮੁਰੰਮਤ ਦਾ ਕੰਮ ਵੀ 82.8 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ ਪਿੰਡ ਪੰਛਟ ਦੀ ਫਿਰਨੀ ਨੂੰ 1.41 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਸੜਕਾਂ ਦੀ ਹਾਲਤ ਵਿੱਚ ਸੁਧਾਰ ਹੋਵੇਗਾ ਤੇ ਆਮ ਲੋਕਾਂ, ਰਾਹਗੀਰਾਂ ਤੇ ਵਾਹਨ ਚਾਲਕਾਂ ਲਈ ਆਵਾਜਾਈ ਹੋਰ ਸੁਖਾਲੀ ਬਣੇਗੀ। ਉਨ੍ਹਾਂ ਦੱਸਿਆ ਕਿ ਸਾਹਨੀ-ਮਲਕਪੁਰ ਲਿੰਕ ਸੜਕ ’ਤੇ ਪੁਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵੱਲੋਂ 2.5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇੱਕ ਹੋਰ ਅਹਿਮ ਐਲਾਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਨਡਾਲੋਂ-ਪੰਜੌੜਾ ਸੜਕ ’ਤੇ ਪੁਲ ਦੀ ਉਸਾਰੀ ਲਈ 3 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤੇ ਇਸ ਦਾ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਇਲਾਕੇ ਵਿੱਚ ਸੰਪਰਕ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਫਗਵਾੜਾ ਨੂੰ ਆਧੁਨਿਕ ਬੁਨਿਆਦੀ ਢਾਂਚੇ ਅਤੇ ਬਿਹਤਰ ਨਾਗਰਿਕ ਸਹੂਲਤਾਂ ਵਾਲਾ ਵਿਕਸਤ ਸ਼ਹਿਰ ਬਣਾਉਣ ਲਈ ਵਚਨਬੱਧ ਹੈ।