ਡਾ. ਚੱਬੇਵਾਲ ਨੇ ਪ੍ਰਚਾਰ ਲਈ ਮੋਬਾਈਲ ਡਾਕੂਮੈਂਟਰੀ ਵੈਨ ਨੂੰ ਦਿਖਾਈ ਹਰੀ ਝੰਡੀ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਚਾਰ ਲਈ ਮੋਬਾਈਲ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Publish Date: Tue, 07 Jul 2026 08:50 PM (IST)
Updated Date: Tue, 07 Jul 2026 08:51 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਫਗਵਾੜਾ ਦੇ ਪਿੰਡਾਂ ਲਈ ਇਕ ਵਿਸ਼ੇਸ਼ ਮੋਬਾਈਲ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਫ਼ਲਸਫ਼ੇ ਬਾਰੇ ਤਿਆਰ ਕੀਤੀ ਗਈ ਡਾਕੂਮੈਂਟਰੀ ਰਾਹੀਂ ਲੋਕਾਂ ਤੱਕ ਉਨ੍ਹਾਂ ਦਾ ਸੰਦੇਸ਼ ਪਹੁੰਚਾਏਗੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਦੋ ਡਾਕੂਮੈਂਟਰੀ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਵੈਨ ਹਰ ਰੋਜ਼ ਦੋ ਪਿੰਡਾਂ ਦਾ ਦੌਰਾ ਕਰੇਗੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ, ਸਮਾਜਿਕ ਨਿਆਂ, ਭਗਤੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਏਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਵੈਨਾਂ ਫਗਵਾੜਾ ਅਤੇ ਭੁਲੱਥ ਸਬ-ਡਿਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਵੈਨਾਂ ਵਿੱਚ ਐੱਲਈਡੀ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ’ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਫ਼ਲਸਫ਼ੇ ’ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਮਾਨਤਾ, ਭਾਈਚਾਰੇ ਅਤੇ ਭੇਦਭਾਵ-ਰਹਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਮੁਹਿੰਮ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਏ ਜਾ ਰਹੇ ਵਿਸ਼ਾਲ ਪ੍ਰੋਗਰਾਮ ਦਾ ਹਿੱਸਾ ਹੈ, ਜਿਸ ਲਈ ਸੂਬਾ ਸਰਕਾਰ ਨੇ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਅਤੇ ਸਮਾਜਿਕ ਅਸਮਾਨਤਾ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਸੰਸਦ ਮੈਂਬਰ ਨੇ ਲੋਕਾਂ ਖਾਸ ਕਰ ਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਡਾਕੂਮੈਂਟਰੀ ਨੂੰ ਦੇਖਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਉੱਚ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।