ਲਿੰਕ ਸੜਕ ਦੀ ਉਸਾਰੀ ਦੇ ਕੰਮ ਦਾ ਡਾ. ਚੱਬੇਵਾਲ ਨੇ ਲਿਆ ਜਾਇਜ਼ਾ ਖਲਵਾੜਾ ਤੋਂ ਵਾਹਦ ਤੱਕ ਲੰਿਕ ਸੜਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਡਾ. ਰਾਜਕੁਮਾਰ ਚੱਬੇਵਾਲ ਨੇ ਲਿਆ ਜਾਇਜ਼ਾ
Publish Date: Mon, 09 Nov 2026 06:58 PM (IST)
Updated Date: Mon, 09 Nov 2026 06:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਖਲਵਾੜਾ ਤੋਂ ਵਾਹਦ ਨੂੰ ਜਾਂਦੀ ਲਿੰਕ ਸੜਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੜਕ ਦੀ ਉਸਾਰੀ ਕਰਵਾ ਰਹੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਦੀ ਉਸਾਰੀ ਦੌਰਾਨ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ, ਕਿਉਂਕਿ ਲੋਕਾਂ ਨੂੰ ਲੰਬੇ ਸਮੇਂ ਤੱਕ ਟਿਕਾਊ ਤੇ ਸੁਚਾਰੂ ਆਵਾਜਾਈ ਦੀ ਸਹੂਲਤ ਮਿਲਣੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਖਲਵਾੜਾ ਕਲੋਨੀ, ਸਰਪੰਚ ਅੰਮ੍ਰਿਤਪਾਲ ਸਿੰਘ ਚੀਮਾ ਪੰਡੋਰੀ ਤੇ ਸਰਪੰਚ ਪੁਰਸ਼ੋਤਮ ਲਾਲ ਵਾਹਦ ਸਮੇਤ ਹੋਰ ਪਤਵੰਤਿਆਂ ਨੇ ਸੜਕ ਦੀ ਉਸਾਰੀ ਕਰਵਾਉਣ ਲਈ ਡਾ. ਰਾਜਕੁਮਾਰ ਚੱਬੇਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਲਿੰਕ ਸੜਕ ਦੀ ਖਸਤਾ ਹਾਲਤ ਕਾਰਨ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕ ਦੀ ਉਸਾਰੀ ਮੁਕੰਮਲ ਹੋਣ ਨਾਲ ਖਲਵਾੜਾ, ਪੰਡੋਰੀ, ਵਾਹਦ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸੜਕ ਦਾ ਨਿਰਮਾਣ ਨਿਰਧਾਰਤ ਮਾਪਦੰਡਾਂ ਅਨੁਸਾਰ ਜਲਦੀ ਮੁਕੰਮਲ ਹੋਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ। ਇਸ ਮੌਕੇ ਜਤਿੰਦਰ ਸਿੰਘ ਜੇਈ ਪੀਡਬਲਯੂਡੀ ਫਗਵਾੜਾ ਤੋਂ ਇਲਾਵਾ ਆਪ ਆਗੂ ਕਸ਼ਮੀਰ ਸਿੰਘ ਖਲਵਾੜਾ, ਤਰਸੇਮ ਲਾਲ, ਅਨਿਲ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।