ਡਰਾਫਟ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀਆਂ ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ
Publish Date: Thu, 12 Nov 2026 06:26 PM (IST)
Updated Date: Thu, 12 Nov 2026 06:27 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹੇ ਦੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀਆਂ ਸੌਂਪੀਆਂ ਗਈਆਂ। ਇਨ੍ਹਾਂ ਵੋਟਰ ਸੂਚੀਆਂ ਲਈ ਯੋਗਤਾ ਮਿਤੀ 1 ਜਨਵਰੀ, 2027 ਨਿਰਧਾਰਤ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ-ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਦੀਆਂ ਡਰਾਫਟ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰਸਮੀ ਤੌਰ ’ਤੇ ਸੌਂਪੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ, ਜੋ 11 ਦਸੰਬਰ ਤੱਕ ਜਾਰੀ ਰਹੇਗੀ। ਇਸ ਸਮੇਂ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2027 ਨੂੰ ਕੀਤੀ ਜਾਵੇਗੀ। ਹਲਕਾ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 1 ਜਨਵਰੀ, 2027 ਦੀ ਯੋਗਤਾ ਮਿਤੀ ਅਨੁਸਾਰ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਕੁੱਲ 1,20,643 ਵੋਟਰ ਹਨ, ਜਿਨ੍ਹਾਂ ਵਿੱਚ 61,388 ਪੁਰਸ਼, 59,254 ਮਹਿਲਾਵਾਂ ਤੇ ਇੱਕ ਤੀਜੇ ਲਿੰਗ ਦਾ ਵੋਟਰ ਸ਼ਾਮਲ ਹੈ। ਇਸੇ ਤਰ੍ਹਾਂ ਕਪੂਰਥਲਾ ਹਲਕੇ ਵਿੱਚ ਕੁੱਲ 1,30,991 ਵੋਟਰ ਹਨ, ਜਿਨ੍ਹਾਂ ਵਿੱਚ 67,130 ਪੁਰਸ਼, 63,851 ਮਹਿਲਾਵਾਂ ਤੇ 10 ਤੀਜੇ ਲਿੰਗ ਦੇ ਵੋਟਰ ਹਨ। ਸੁਲਤਾਨਪੁਰ ਲੋਧੀ ਹਲਕੇ ਵਿੱਚ ਕੁੱਲ 1,39,813 ਵੋਟਰ ਹਨ, ਜਿਨ੍ਹਾਂ ਵਿੱਚ 73,173 ਪੁਰਸ਼ ਤੇ 66,640 ਮਹਿਲਾਵਾਂ ਸ਼ਾਮਲ ਹਨ, ਜਦਕਿ ਫਗਵਾੜਾ ਹਲਕੇ ਵਿੱਚ ਕੁੱਲ 1,69,608 ਵੋਟਰ ਹਨ, ਜਿਨ੍ਹਾਂ ਵਿੱਚ 87,405 ਪੁਰਸ਼, 82,192 ਮਹਿਲਾਵਾਂ ਤੇ 11 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਯੋਗ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕ ਯੋਗਤਾ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ ਕਰਨ ਵਾਲੇ ਹਨ, ਉਹ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰਤ ਵੋਟਰ ਸੇਵਾਵਾਂ ਪੋਰਟਲ voters.eci.gov.in ਰਾਹੀਂ ਫਾਰਮ-6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਸਮੂਹ ਸਬੰਧਤ ਧਿਰਾਂ ਨੂੰ ਵੀ ਵਿਸ਼ੇਸ਼ ਸੰਖੇਪ ਸੁਧਾਈ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ, ਤਾਂ ਜੋ ਵੋਟਰ ਸੂਚੀਆਂ ਨੂੰ ਸਹੀ, ਅਪਡੇਟ ਤੇ ਸਮਾਵੇਸ਼ੀ ਬਣਾਇਆ ਜਾ ਸਕੇ ਤੇ ਹਰੇਕ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਗੁਰਪਾਲ ਸਿੰਘ ਇੰਡੀਅਨ ਤੇ ਪਰਵਿੰਦਰ ਸਿੰਘ ਢੋਟ, ਸ਼੍ਰੋਮਣੀ ਅਕਾਲੀ ਦਲ ਵੱਲੋਂ ਤਨਵੀਰ ਸਿੰਘ ਰੰਧਾਵਾ, ਕਾਂਗਰਸ ਵੱਲੋਂ ਪਰਮਿੰਦਰ ਸਿੰਘ, ਭਾਜਪਾ ਵੱਲੋਂ ਸੌਰਵ ਖੁੱਲਰ, ਪਿਊਸ਼ ਮਨਚੰਦਾ, ਜਸਵੰਤ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਰਾਕੇਸ਼ ਕੁਮਾਰ ਦਾਤਾਰਪੁਰੀ, ਸੀਪੀਆਈ (ਐੱਮ) ਵੱਲੋਂ ਬਲਦੇਵ ਸਿੰਘ ਤੇ ਸੀਪੀਆਈ ਵੱਲੋਂ ਕੇਐੱਲ ਕੌਸ਼ਲ ਹਾਜ਼ਰ ਸਨ।