- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
“ਨਸ਼ਾ ਤਸਕਰ ਬੇਖ਼ੌਫ਼, ਪੰਜਾਬ ਸਰਕਾਰ ਖ਼ਾਮੋਸ਼! ਝੋਟਾ ਕਤਲ ਕਾਂਡ ਨੇ ‘ਆਪ’ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ” : ਗੁਰਦੀਪ ਸਿੰਘ ਭੰਡਾਲ

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ
ਫੱਤੂਢੀਗਾ : ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰੀ ਨਾਲ ਜੁੜੇ ਅਪਰਾਧੀਆਂ ਦੇ ਬੇਖ਼ੌਫ਼ ਹੋਣ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਜੇਕਰ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨ੍ਹਾਂ ਦੇ ਅਨੁਸਾਰ, ਪਰਵਿੰਦਰ ਸਿੰਘ ਝੋਟਾ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਥਿਤ ਤੌਰ ’ਤੇ ਨਸ਼ਿਆਂ ਦੀ ਸਪਲਾਈ ਬਾਰੇ ਜਾਣਕਾਰੀ ਸਾਹਮਣੇ ਲਿਆਉਣ ਦੌਰਾਨ ਗੋਲੀਆਂ ਮਾਰੇ ਜਾਣ ਦੀ ਖ਼ਬਰ ਬੇਹੱਦ ਚਿੰਤਾਜਨਕ ਹੈ। ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ।
ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਸਿਰਫ਼ ਨਸ਼ਾ ਮੁਕਤੀ ਦੇ ਨਾਅਰੇ ਲਾਉਣ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ, ਇਸ ਲਈ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਨਿਰਪੱਖ ਤੇ ਸਖ਼ਤ ਕਾਰਵਾਈ ਕਰਨੀ ਪਵੇਗੀ। ਜੇਕਰ ਕੋਈ ਮੈਡੀਕਲ ਸਟੋਰ ਜਾਂ ਹੋਰ ਅਦਾਰਾ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਸਪਲਾਈ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਸ ਦੀ ਵੀ ਕਾਨੂੰਨ ਅਨੁਸਾਰ ਜਾਂਚ ਹੋਣੀ ਚਾਹੀਦੀ ਹੈ। ਕਿਸੇ ਨੂੰ ਵੀ ਸਿਆਸੀ ਜਾਂ ਪ੍ਰਸ਼ਾਸਨਿਕ ਸਰਪ੍ਰਸਤੀ ਹੇਠ ਬਚਣ ਦਾ ਮੌਕਾ ਨਹੀਂ ਮਿਲਣਾ ਚਾਹੀਦਾ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਕਾਤਲਾਂ ਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣ। ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਖੀਰਾਂਵਾਲੀ, ਪ੍ਰੇਮ ਸਿੰਘ ਖਾਲਸਾ, ਮੰਗਲ ਸਿੰਘ ਖੀਰਾਂਵਾਲੀ, ਡਾ. ਲਖਵਿੰਦਰ ਸਿੰਘ, ਪੱਪੂ ਪੰਡਿਤ ਆਦਿ ਹਾਜ਼ਰ ਸਨ।