ਜੀਡੀਆਰ ਸਕੂਲ ’ਚ ਧੂਮਧਾਮ ਨਾਲ ਮਨਾਇਆ ਦੁਸਹਿਰਾ ਜੀ.ਡੀ.ਆਰ. ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
Publish Date: Mon, 19 Oct 2026 07:34 PM (IST)
Updated Date: Mon, 19 Oct 2026 07:36 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜੀਡੀਆਰ ਡੇ ਬੋਰਡਿੰਗ ਪਬਲਿਕ ਸਕੂਲ, ਆਦਰਸ਼ ਨਗਰ, ਫਗਵਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਡੈਫੋਡਿਲ ਹਾਊਸ ਦੀ ਇੰਚਾਰਜ ਬਬੀਤਾ ਸੈਣੀ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੌਰਾਨ ਸੱਤਵੀਂ ਜਮਾਤ ਦੇ ਵਿਦਿਆਰਥੀ ਪਰਮ ਨੇ ਦੁਸਹਿਰੇ ਦੇ ਮਹੱਤਵ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਸੱਚਾਈ, ਧਰਮ ਤੇ ਚੰਗਿਆਈ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ ਤੇ ਆਦਰਸ਼ਾਂ ’ਤੇ ਆਧਾਰਿਤ ਇੱਕ ਸੁੰਦਰ ਤੇ ਪ੍ਰੇਰਨਾਦਾਇਕ ਨਾਟਕ ਪੇਸ਼ ਕੀਤਾ ਗਿਆ। ਨਾਟਕ ਵਿੱਚ ਸ੍ਰੀ ਰਾਮ, ਲਕਸ਼ਮਣ ਤੇ ਰਾਵਣ ਦੇ ਪਾਤਰਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਪੇਸ਼ਕਾਰੀ ਨੇ ਸਾਰਿਆਂ ਨੂੰ ਸੱਚਾਈ, ਧਰਮ ਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ, ਰਚਨਾਤਮਕਤਾ ਤੇ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਦੁਸਹਿਰਾ ਸਿਰਫ਼ ਰਾਵਣ ਦਹਿਨ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਦੇਸ਼ ਵੀ ਦਿੰਦਾ ਹੈ। ਪ੍ਰੋਗਰਾਮ ਦੀ ਸਮਾਪਤੀ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਤੇ ਸੱਚਾਈ, ਪਿਆਰ, ਸਦਭਾਵਨਾ ਤੇ ਚੰਗਿਆਈ ਦੇ ਰਾਹ ’ਤੇ ਚੱਲਣ ਦੇ ਸੰਦੇਸ਼ ਨਾਲ ਹੋਈ।