- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਧ ਫਾਈਲ : ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ : ਸ਼ੇਰਪੁਰ ਸੱਦਾ

--ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ
-- ਪੁਲਿਸ ਨਿਰਪੱਖ ਰਹਿ ਕੇ ਨਿਭਾਏ ਆਪਣੀ ਡਿਊਟੀ
ਪੰਜਾਬੀ ਜਾਗਰਣ ਪ੍ਰਤੀਨਿਧ
ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਨੇ ਤਲਵੰਡੀ ਚੌਧਰੀਆਂ ਵਿਖੇ ਪੱਤਰਕਾਰ ਨਾਲ ਕਥਿਤ ਹੱਥੋਪਾਈ, ਬਦਸਲੂਕੀ ਕਰਨ ਤੇ ਉਸ ਦਾ ਮੋਬਾਈਲ ਖੋਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣਾ, ਉਨ੍ਹਾਂ ਨਾਲ ਬਦਸਲੂਕੀ ਕਰਨਾ ਤੇ ਸੱਚਾਈ ਸਾਹਮਣੇ ਲਿਆਉਣ ਦੀ ਕੋਸ਼ਿਸ਼ ਨੂੰ ਦਬਾਉਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੁਲਤਾਨਪੁਰ ਲੋਧੀ ਵਿੱਚ ਇੱਕ ਪੱਤਰਕਾਰ ਨਾਲ ਵਾਪਰੀ ਅਜਿਹੀ ਘਟਨਾ ਚਿੰਤਾ ਦਾ ਵਿਸ਼ਾ ਹੈ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਪੱਤਰਕਾਰਾਂ ਦੀ ਸੁਰੱਖਿਆ ਤੇ ਲੋਕਤੰਤਰ ਵਿੱਚ ਪ੍ਰੈੱਸ ਦੀ ਆਜ਼ਾਦੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਜੇਕਰ ਸਮਾਜ ਨੂੰ ਸੱਚਾਈ ਤੋਂ ਜਾਣੂ ਕਰਵਾਉਣ ਵਾਲੇ ਪੱਤਰਕਾਰ ਹੀ ਸੁਰੱਖਿਅਤ ਨਹੀਂ ਰਹਿਣਗੇ ਤਾਂ ਆਮ ਲੋਕਾਂ ਦੀ ਆਵਾਜ਼ ਕੌਣ ਉਠਾਏਗਾ? ਨਿਰਮਲ ਸਿੰਘ ਨੇ ਕਿਹਾ ਕਿ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਤੇ ਪੱਤਰਕਾਰਾਂ ਦਾ ਕੰਮ ਲੋਕਾਂ ਦੀਆਂ ਸਮੱਸਿਆਵਾਂ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਸਮਾਜ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਹੈ। ਜੇਕਰ ਕੋਈ ਵਿਅਕਤੀ ਪੱਤਰਕਾਰ ਦੇ ਕੰਮ ਵਿੱਚ ਰੁਕਾਵਟ ਪਾਉਂਦਾ ਹੈ ਜਾਂ ਉਸ ਨੂੰ ਡਰਾ-ਧਮਕਾ ਕੇ ਸੱਚ ਲਿਖਣ ਤੋਂ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਸਿਰਫ਼ ਇੱਕ ਪੱਤਰਕਾਰ ’ਤੇ ਹਮਲਾ ਨਹੀਂ, ਸਗੋਂ ਲੋਕਾਂ ਦੇ ਜਾਣਨ ਦੇ ਅਧਿਕਾਰ ’ਤੇ ਵੀ ਸੱਟ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੇ ਰਾਜ ਵਿੱਚ ਪ੍ਰੈੱਸ ਦੀ ਆਜ਼ਾਦੀ ਤੇ ਪੱਤਰਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਪੇਂਡੂ ਮਜ਼ਦੂਰ ਆਗੂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਦਬਾਅ ਜਾਂ ਪ੍ਰਭਾਵ ਹੇਠ ਆਉਣ ਦੀ ਬਜਾਏ ਨਿਰਪੱਖਤਾ ਨਾਲ ਆਪਣੀ ਡਿਊਟੀ ਨਿਭਾਵੇ।