ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ’ਚ : ਸੰਤ ਸੀਚੇਵਾਲ ਸੋਧ ਫਾਈਲ : ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ਵਿੱਚ : ਸੰਤ ਸੀਚੇਵਾਲ
Publish Date: Mon, 23 Nov 2026 06:51 PM (IST)
Updated Date: Mon, 23 Nov 2026 06:52 PM (IST)
--ਨਗਰ ਕੀਰਤਨ ’ਚ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ --ਧੰਨ ਬਾਬਾ ਨਾਨਕਾ ਦੇ ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ ਕੁਲਬੀਰ ਸਿੰਘ ਮਿੰਟੂ\ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਗਤ ਘਾਟ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਾਨਕ ਹੱਟ ਨੇੜੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਪੰਜਾਂ ਦੁਲਾਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ’ਤੇ 14 ਸਾਲ, 9 ਮਹੀਨੇ ਤੇ 13 ਦਿਨ ਬਿਤਾਏ। ਬਾਬਾ ਨਾਨਕ ਜੀ ਨੇ ਹਵਾ, ਪਾਣੀ ਤੇ ਧਰਤੀ ਨੂੰ ਬੇਹੱਦ ਮਹੱਤਵ ਦਿੰਦਿਆਂ ਇਨ੍ਹਾਂ ਦੀ ਪਵਿੱਤਰਤਾ ਤੇ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਆਪਣੇ ਲਾਲਚ ਕਾਰਨ ਹਵਾ, ਪਾਣੀ ਤੇ ਧਰਤੀ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਜੀਵਨ ਦੇ ਇਹ ਤਿੰਨ ਅਹਿਮ ਆਧਾਰ ਹੀ ਬੁਰੀ ਤਰ੍ਹਾਂ ਦੂਸ਼ਿਤ ਹੋ ਜਾਣ ਨਾਲ ਮਨੁੱਖੀ ਜੀਵਨ ਦੀ ਹੋਂਦ ਨੂੰ ਵੱਡਾ ਖਤਰਾ ਪੈਦਾ ਹੋ ਗਿਆ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਉਹ ਹਰੇ ਨਗਰ ਕੀਰਤਨਾਂ ਰਾਹੀਂ ਹਵਾ, ਪਾਣੀ, ਧਰਤੀ ਤੇ ਰੁੱਖਾਂ ਦੀ ਸੰਭਾਲ ਦਾ ਸੁਨੇਹਾ ਸੰਗਤਾਂ ਤੱਕ ਪਹੁੰਚਾ ਰਹੇ ਹਨ, ਤਾਂ ਜੋ ਵਾਤਾਵਰਨ ਦੀ ਰੱਖਿਆ ਨੂੰ ਲੋਕ ਲਹਿਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਰਹਿਬਰ ਸਨ। ਉਨ੍ਹਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੇ ਬ੍ਰਹਿਮੰਡ ਦੀ ਭਲਾਈ ਤੇ ਸਾਂਝੀਵਾਲਤਾ ਵਾਲੀ ਸੋਚ ਦਾ ਪ੍ਰਚਾਰ ਕੀਤਾ। ਚੌਥਾ ਹਰਾ ਨਗਰ ਕੀਰਤਨ ਅੱਜ, ਪਵਿੱਤਰ ਵੇਈਂ ਕਿਨਾਰੇ ਹੋਵੇਗੀ ਦੀਪਮਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਹਰਾ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਨਗਰ ਕੀਰਤਨ ਦੀ ਆਰੰਭਤਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੋਂ ਹੋਵੇਗੀ। ਇਹ ਨਗਰ ਕੀਰਤਨ ਤਲਵੰਡੀ ਚੌਧਰੀਆਂ ਪੁਲ, ਬੀਡੀਪੀਓ ਦਫ਼ਤਰ, ਨਾਨਕ ਹੱਟ, ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਗੁਰੂ ਕਾ ਬਾਗ, ਚੌਂਕ ਚੇਲਿਆਂ, ਮੁਹੱਲਾ ਸਿੱਖਾਂ, ਬੇਬੇ ਨਾਨਕੀ ਜੀ ਦੇ ਪੁਰਾਤਨ ਘਰ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਸ੍ਰੀ ਹੱਟ ਸਾਹਿਬ ਅਤੇ ਗੁਰਦੁਆਰਾ ਬੇਰ ਸਾਹਿਬ ਤੋਂ ਹੁੰਦਾ ਹੋਇਆ ਪਵਿੱਤਰ ਵੇਈਂ ਦੇ ਕੰਢੇ ਨਿਰਮਲ ਕੁਟੀਆ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸ਼ਾਮ ਨੂੰ ਪਵਿੱਤਰ ਵੇਈਂ ਦੇ ਕਿਨਾਰੇ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਤੇ ਦੀਪਮਾਲਾ ਕੀਤੀ ਜਾਵੇਗੀ।