- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਉਪਰਾਲੇ ਸਮੇਂ ਦੀ ਲੋੜ - ਕੇ.ਕੇ. ਸਰਦਾਨਾ

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸਰਬ ਨੌਜਵਾਨ ਵੈੱਲਫੇਅਰ ਸੁਸਾਇਟੀ ਤੇ ਸਰਬ ਨੌਜਵਾਨ ਸਭਾ ਫਗਵਾੜਾ ਵੱਲੋਂ ਮਾਈ ਭਾਰਤ, ਕਪੂਰਥਲਾ, ਜੰਗਲਾਤ ਵਿਭਾਗ ਫਗਵਾੜਾ ਅਤੇ ਸਥਾਨਕ ਹੋਟਲ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਕ ਪ੍ਰਭਾਵਸ਼ਾਲੀ ਸਮਾਗਮ ਸਥਾਨਕ ਹੋਟਲ, ਬੰਗਾ ਰੋਡ ਵਿਖੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕ ਕਰਨਾ ਸੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਉਦਯੋਗਪਤੀ ਅਤੇ ਬਲੱਡ ਬੈਂਕ ਫਗਵਾੜਾ ਦੇ ਚੇਅਰਮੈਨ ਕੇਕੇ ਸਰਦਾਨਾ ਨੇ ਸ਼ਿਰਕਤ ਕੀਤੀ, ਜਦਕਿ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਫਗਵਾੜਾ ਤੇਜਪਾਲ ਬਸਰਾ, ਵਣ ਰੇਂਜ ਅਫ਼ਸਰ ਫਿਲੌਰ ਹਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ, ਬਲਾਕ ਅਫ਼ਸਰ ਤੀਰਥ ਸਿੰਘ, ਸੇਵਾਮੁਕਤ ਡੀਐੱਸਪੀ ਜਸਬੀਰ ਸਿੰਘ, ਉਦਯੋਗਪਤੀ ਜਤਿੰਦਰ ਸਿੰਘ ਕੁੰਦੀ, ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਅਤੇ ਸਮਾਜ ਸੇਵਕ ਰਾਜ ਕੁਮਾਰ ਮੱਟੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਬੰਗਾ ਰੋਡ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਕੀਤੀ ਗਈ।
ਇਸ ਮੌਕੇ ਕੇਕੇ ਸਰਦਾਨਾ ਨੇ ਕਿਹਾ ਕਿ ਸਰਬ ਨੌਜਵਾਨ ਵੈੱਲਫੇਅਰ ਸੁਸਾਇਟੀ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮਨੁੱਖੀ ਜੀਵਨ ਲਈ ਖੂਨ ਜ਼ਰੂਰੀ ਹੈ, ਉਸੇ ਤਰ੍ਹਾਂ ਧਰਤੀ ਦੀ ਹੋਂਦ ਬਚਾਉਣ ਲਈ ਰੁੱਖ ਅਤੇ ਸਾਫ਼-ਸੁਥਰਾ ਵਾਤਾਵਰਣ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪਲਾਸਟਿਕ ਦੀ ਵਰਤੋਂ ਬੰਦ ਕਰਨਾ, ਸੂਰਜੀ ਊਰਜਾ ਨੂੰ ਅਪਣਾਉਣ ਦੇ ਨਾਲ ਹੀ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਕਿਹਾ ਕਿ ਸ਼ਹਿਰ ਨੂੰ ਹਰਿਆ-ਭਰਿਆ ਬਣਾਈ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਸਾਂਝੇ ਯਤਨ ਕਰਨੇ ਪੈਣਗੇ। ਉਨ੍ਹਾਂ ਬੋਹੜ, ਪਿੱਪਲ, ਕਿੱਕਰ ਅਤੇ ਟਾਹਲੀ ਵਰਗੇ ਰਵਾਇਤੀ ਰੁੱਖਾਂ ਦੀ ਸੰਭਾਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਵਣ ਵਿਭਾਗ ਦੇ ਬਲਾਕ ਅਫ਼ਸਰ ਤੀਰਥ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਪਲਾਂਟੇਸ਼ਨ ਸੀਜ਼ਨ ਦੌਰਾਨ ਕੋਈ ਵੀ ਸਮਾਜ ਸੇਵੀ ਸੰਸਥਾ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਬੂਟੇ ਪ੍ਰਾਪਤ ਕਰ ਸਕਦੀ ਹੈ। ਇਸ ਮੌਕੇ ਸੰਤੋਸ਼ ਕੁਮਾਰ ਗੋਗੀ ਨੇ ਵੀ ਪੰਜਾਬ ਨੂੰ ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਉਣ ਲਈ ਸਾਂਝੇ ਉਪਰਾਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਘਟ ਰਿਹਾ ਪੱਧਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਯਤਨ ਕੀਤੇ ਜਾਣੇ ਚਾਹੀਦੇ ਹਨ। ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਸਾਲ ‘ਆਓ ਰਲ ਕੇ ਰੁੱਖ ਲਗਾਈਏ, ਜਿੰਨੇ ਲਾਈਏ ਉਨ੍ਹਾਂ ਨੂੰ ਬਚਾਈਏ’ ਮੁਹਿੰਮ ਤਹਿਤ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਜਾਂਦਾ ਹੈ। ਉਨ੍ਹਾਂ ਸਮਾਗਮ ਵਿੱਚ ਪਹੁੰਚੇ ਸਮੂਹ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਸਾਇਟੀ ਵਲੋਂ ਮੁੱਖ ਮਹਿਮਾਨ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਲੈਕਚਰਾਰ ਹਰਜਿੰਦਰ ਗੋਗਨਾ ਵਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਹੋਟਲ ਮੈਨੇਜਰ ਸ਼ਸ਼ਾਂਕ ਸ਼ੁਕਲਾ, ਐੱਚ.ਆਰ. ਮੈਨੇਜਰ ਅੰਜਲੀ ਅੱਗਰਵਾਲ, ਸਕਿਉਰਿਟੀ ਮੈਨੇਜਰ ਸਤੀਸ਼ ਚੌਹਾਨ, ਕੁਨਾਲ, ਵਿਵੇਕ, ਸੰਦੀਪ, ਰਘਬੀਰ, ਪਦਮ ਲਾਲ, ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਰਾਜ ਸੰਧੂ, ਕੌਂਸਲਰ ਰਵੀ ਸਿੱਧੂ, ਡਾ. ਵਿਜੇ ਕੁਮਾਰ, ਰਾਕੇਸ਼ ਕੋਛੜ, ਪਰਮਜੀਤ ਰਾਏ, ਗੁਰਦੀਪ ਸਿੰਘ ਤੁੱਲੀ, ਗੁਲਸ਼ਨ ਕਪੂਰ, ਰਣਜੀਤ ਸਿੰਘ ਬੇਦੀ, ਜਗਜੀਤ ਸੇਠ, ਸਮਾਜ ਸੇਵਕ ਰਮਨ ਨਹਿਰਾ, ਗੁਰਦੀਪ ਸਿੰਘ, ਸੋਮ ਪ੍ਰਕਾਸ਼, ਅਨੂਪ ਦੁੱਗਲ, ਅਸ਼ੋਕ ਕੁਮਾਰ ਡੀ.ਪੀ., ਸੇਵਾ ਮੁਕਤ ਹੈੱਡਮਾਸਟਰ ਨਰੇਸ਼ ਕੋਹਲੀ, ਨਰਿੰਦਰ ਸੈਣੀ, ਹਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।