‘ਇੱਕ ਸ਼ਾਮ ਸ਼ਿਵ ਕੇ ਨਾਮ’ ਲਈ ਪ੍ਰਸ਼ਾਸਨ ਪੱਬਾਂ ਭਾਰ ਫਗਵਾੜਾ ਵਿਖੇ 12 ਅਗਸਤ ਨੂੰ ਹੋਣ ਵਾਲੇ ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ
Publish Date: Sat, 01 Aug 2026 10:07 PM (IST)
Updated Date: Sat, 01 Aug 2026 10:10 PM (IST)
12 ਨੂੰ ਫਗਵਾੜਾ ਦੇ ਸਕੂਲ ਆਫ਼ ਐਮੀਨੈਂਸ ਦੇ ਖੇਡ ਮੈਦਾਨ ’ਚ ਹੋਵੇਗਾ ਸਮਾਗਮ ਪ੍ਰਸਿੱਧ ਬਾਲੀਵੁੱਡ ਗਾਇਕ ਕੈਲਾਸ਼ ਖੇਰ ਸਮਾਗਮ ’ਚ ਪੇਸ਼ਕਾਰੀ ਦੇਣਗੇ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਫਗਵਾੜਾ ਦੇ ਸਕੂਲ ਆਫ਼ ਐਮੀਨੈਂਸ ਦੇ ਖੇਡ ਮੈਦਾਨ ਵਿੱਚ ਇੱਕ ਸ਼ਾਮ ਸ਼ਿਵ ਕੇ ਨਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ। ਸਮਾਗਮ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਪ੍ਰੋਗਰਾਮ ਨੂੰ ਸੁਚਾਰੂ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਟੇਜ, ਬੈਠਣ ਦੇ ਪ੍ਰਬੰਧ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਮੈਡੀਕਲ ਸਹੂਲਤਾਂ, ਫਾਇਰ ਸੇਫਟੀ ਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਤੇ ਇਹ ਯਕੀਨੀ ਬਣਾਉਣ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਤੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਤੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਪ੍ਰੋਗਰਾਮ ਨੂੰ ਸੁਚਾਰੂ ਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰਵਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਪ੍ਰੋਗਰਾਮ ਵਿੱਚ ਪ੍ਰਸਿੱਧ ਬਾਲੀਵੁੱਡ ਗਾਇਕ ਕੈਲਾਸ਼ ਖੇਰ ਆਪਣੀ ਪੇਸ਼ਕਾਰੀ ਦੇਣਗੇ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਾਰੇ ਵਿਭਾਗਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸਮੇਂ ਸਿਰ ਪੂਰੀਆਂ ਕਰਨ ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਸਮਾਗਮ ਵਾਲੀ ਥਾਂ ਤੇ ਸਫ਼ਾਈ, ਜਨਤਕ ਸਹੂਲਤਾਂ, ਐਮਰਜੈਂਸੀ ਸੇਵਾਵਾਂ, ਨਿਰਵਿਘਨ ਬਿਜਲੀ ਤੇ ਪਾਣੀ ਦੀ ਸਪਲਾਈ ਤੇ ਹੋਰ ਜ਼ਰੂਰੀ ਸੇਵਾਵਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ। ਐੱਸਐੱਸਪੀ ਗੌਰਵ ਤੂਰਾ ਨੇ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦੀ ਸਮੀਖਿਆ ਕੀਤੀ ਤੇ ਪੁਲਿਸ ਅਧਿਕਾਰੀਆਂ ਨੂੰ ਅਮਨ-ਕਾਨੂੰਨ, ਭੀੜ ਦੇ ਪ੍ਰਬੰਧਨ, ਪਾਰਕਿੰਗ ਤੇ ਵਾਹਨਾਂ ਦੀ ਸੁਚਾਰੂ ਆਵਾਜਾਈ ਲਈ ਵਿਸਤ੍ਰਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਤੇ ਆਮ ਲੋਕਾਂ ਦੀ ਸੁਰੱਖਿਆ ਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਥਾਵਾਂ ਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਮੇਅਰ ਨਗਰ ਨਿਗਮ ਰਾਮਪਾਲ ਉੱਪਲ, ਐੱਸਡੀਐੱਮ ਨਵਜੋਤ ਸ਼ਰਮਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।