ਪਿੰਡਾਂ ਦੇ ਵਿਕਾਸ ਕਾਰਜਾਂ ’ਤੇ ਰਾਜਨੀਤੀ ਨਾ ਕੀਤੀ ਜਾਵੇ : ਏਕਤਾ ਪਾਰਟੀ ਪਿੰਡ ਦੇ ਵਿਕਾਸ ਕਾਰਜ ਰੋਕਣ ਦੇ ਮਾਮਲੇ ’ਤੇ ਏਕਤਾ ਪਾਰਟੀ ਨੇ ਜਤਾਇਆ ਰੋਸ, ਡੀ.ਸੀ. ਨੂੰ ਮੰਗ ਪੱਤਰ ਦੇਣ ਦੀ ਚੇਤਾਵਨੀ
Publish Date: Thu, 08 Oct 2026 07:49 PM (IST)
Updated Date: Thu, 08 Oct 2026 07:50 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਏਕਤਾ ਪਾਰਟੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪਿੰਡਾਂ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਤੇ ਸਰਕਾਰੀ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਖਾਸ ਤੌਰ ਤੇ ਪਿੰਡ ਮੰਗਾ ਰੋਡਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਮਾਮਲਾ ਉਠਾਇਆ ਗਿਆ। ਪਾਰਟੀ ਆਗੂਆਂ ਨੇ ਦੱਸਿਆ ਕਿ ਪਿੰਡ ਦੀ ਸਰਪੰਚ ਬਲਵਿੰਦਰ ਕੌਰ ਵੱਲੋਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਸਨ, ਜਿਨ੍ਹਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਸੀ ਪਰ ਉਕਤ ਕੰਮਾਂ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਵਿੱਚ ਨਾਰਾਜ਼ਗੀ ਤੇ ਚਿੰਤਾ ਦਾ ਮਾਹੌਲ ਹੈ। ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਵਿਕਾਸ ਕਾਰਜ ਕਿਸੇ ਵੀ ਪਿੰਡ ਦੀ ਤਰੱਕੀ ਦੀ ਨੀਂਹ ਹੁੰਦੇ ਹਨ ਤੇ ਇਨ੍ਹਾਂ ਨੂੰ ਰਾਜਨੀਤੀ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੇ ਰੁਕਣ ਕਾਰਨ ਪਿੰਡ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੇ ਸੰਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਰੁਕੇ ਹੋਏ ਕੰਮਾਂ ਨੂੰ ਤੁਰੰਤ ਮੁੜ ਸ਼ੁਰੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਸੋਮਵਾਰ ਤੱਕ ਵਿਕਾਸ ਕਾਰਜ ਮੁੜ ਸ਼ੁਰੂ ਨਾ ਕੀਤੇ ਗਏ ਤਾਂ ਏਕਤਾ ਪਾਰਟੀ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਮੁਲਾਕਾਤ ਕਰੇਗਾ ਤੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪ ਕੇ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕਰੇਗਾ। ਇਸ ਮੌਕੇ ਪਾਰਟੀ ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਐਤਵਾਰ ਨੂੰ ਪਿੰਡ ਹੁਸੈਨਪੁਰ ਵਿਖੇ ਇੱਕ ਵੱਡੀ ਜਨ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ, ਵਿਕਾਸ ਨਾਲ ਜੁੜੇ ਮੁੱਦਿਆਂ ਤੇ ਲੋਕ ਹਿੱਤ ਦੇ ਮਾਮਲਿਆਂ ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਰਾਹੁਲ, ਜਸਪ੍ਰੀਤ, ਰਾਜਵਿੰਦਰ, ਗੁਰਪ੍ਰੀਤ ਸਿੰਘ, ਅਜੈ ਪਾਲ, ਗੁਰਪ੍ਰੀਤ ਸਿੰਘ, ਕੇਵਲ ਸਿੰਘ, ਨੀਲਮ ਤੇ ਹੋਰ ਹਾਜ਼ਰ ਸਨ।