ਕਪੂਰਥਲਾ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ 557ਵੇਂ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Publish Date: Tue, 24 Nov 2026 09:26 PM (IST)
Updated Date: Tue, 24 Nov 2026 09:28 PM (IST)
--800 ਪੁਲਿਸ ਮੁਲਾਜ਼ਮ ਤਾਇਨਾਤ, 20 ਵਿਸ਼ੇਸ਼ ਨਾਕੇ, ਸ਼ਹਿਰ ਨੂੰ ਸੀਲ ਕਰਨ ਲਈ 8 ਨਾਕੇ ਤੇ ਸੰਗਤਾਂ ਦੀ ਸਹੂਲਤ ਲਈ 8 ਪਾਰਕਿੰਗ ਸਥਾਨ ਕੀਤੇ ਸਥਾਪਤ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਕਪੂਰਥਲਾ ਪੁਲਿਸ ਵੱਲੋਂ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਸੰਗਤਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਲਈ 20 ਵਿਸ਼ੇਸ਼ ਨਾਕੇ ਤੇ ਸ਼ਹਿਰ ਦੀ ਘੇਰਾਬੰਦੀ ਲਈ 8 ਨਾਕੇ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਛੋਟੇ ਨਾਕੇ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਦਿਨ-ਰਾਤ ਨਿਗਰਾਨੀ ਰੱਖਣ ਲਈ ਰਿਜ਼ਰਵ ਫੋਰਸ ਸਮੇਤ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਨੂੰ ਮਹੱਤਵਪੂਰਨ ਸਥਾਨਾਂ, ਸ਼ਹਿਰ ਦੇ ਦਾਖ਼ਲਾ ਤੇ ਬਾਹਰ ਜਾਣ ਵਾਲੇ ਰਸਤਿਆਂ, ਟ੍ਰੈਫਿਕ ਚੌਕਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਰਣਨੀਤਕ ਢੰਗ ਨਾਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਟੀਮਾਂ ਨੂੰ ਹਰ ਸਮੇਂ ਚੌਕਸ ਰਹਿਣ ਤੇ ਕਿਸੇ ਵੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਆਪਸੀ ਤਾਲਮੇਲ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਪੂਰਥਲਾ ਪੁਲਿਸ ਸੰਗਤਾਂ ਦੀ ਸੁਰੱਖਿਅਤ, ਸ਼ਾਂਤਮਈ ਅਤੇ ਨਿਰਵਿਘਨ ਆਮਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਏਐੱਸਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਵਾਹਨਾਂ ਦੀ ਸੁਚੱਜੀ ਪਾਰਕਿੰਗ ਤੇ ਪਵਿੱਤਰ ਨਗਰੀ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ’ਤੇ 8 ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਵਿਸ਼ਾਲ ਨੈੱਟਵਰਕ ਸਥਾਪਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਕੰਟਰੋਲ ਰੂਮ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਤੇ ਚੈਕਿੰਗ ਕੀਤੀ ਜਾ ਰਹੀ ਹੈ।