ਜੇਐੱਨਐੱਨ, ਫਗਵਾੜਾ : 21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਦੀ ਸੀਟ 'ਤੇ ਹੋਣ ਜਾ ਰਹੀ ਜਿਮਨੀ ਚੋਣ ਲਈ ਅਕਾਲੀ-ਭਾਜਪਾ ਵੱਲੋਂ ਐਲਾਨੇ ਉਮੀਦਵਾਰ ਰਜੇਸ਼ ਬਾਘਾ ਦੇ ਹੱਕ 'ਚ ਇਕ ਰੈਲੀ ਕੀਤੀ ਗਈ। ਇਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਪੰਜਾਬ ਭਾਜਪਾ ਦੇ ਪ੍ਰਭਾਰੀ ਪ੍ਰਭਾਤ ਝਾਅ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਪ੍ਰਦੇਸ਼ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਭ ਤੋਂ ਫੇਲ੍ਹ ਸਰਕਾਰ ਸਾਬਤ ਹੋਈ ਹੈ। ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੂਬੇ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਿਮਨੀ ਚੋਣਾਂ ਸਬੰਧੀ ਸੂਬੇ ਦੀ ਪੁਲਿਸ ਤੇ ਪ੍ਰਸ਼ਾਸਨ ਅਕਾਲੀ-ਭਾਜਪਾ ਵਰਕਰਾਂ ਨੂੰ ਤੰਗ ਕਰ ਰਹੀ ਹੈ ਤੇ ਝੂਠੇ ਕੇਸ ਪਾਉਣ ਦੀਆਂ ਧਮਕੀਆਂ ਦੇ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਗਠਜੋੜ ਦੀ ਸਰਕਾਰ ਆਉਣ 'ਤੇ ਉਨ੍ਹਾਂ ਸਾਰੇ ਪ੍ਰਸਾਸ਼ਨਿਕ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ 'ਤੇ ਗਠਜੋੜ ਦੇ ਉਮੀਦਵਾਰ ਹੀ ਜੇਤੂ ਹੋਣਗੇ। ਸੁਖਬੀਰ ਬਾਦਲ ਨੇ ਫਗਵਾੜਾ ਵਾਸੀਆਂ ਨੂੰ ਰਜੇਸ਼ ਬਾਘਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦਾ ਖ਼ੂਨ ਚੂਸ ਰਹੀ ਹੈ। ਕਾਂਗਰਸ ਨੇ ਸਾਰੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਇਸ ਲਈ ਲੋਕ ਕਾਂਗਰਸ ਸਰਕਾਰ ਤੋਂ ਤੰਗ ਹਨ। ਇਸ ਮੌਕੇ ਅਕਾਲੀ-ਭਾਜਪਾ ਉਮੀਦਵਾਰ ਰਜੇਸ਼ ਬਾਘਾ, ਰਕੇਸ਼ ਰਾਠੌਰ, ਦਿਨੇਸ਼ ਕੁਮਾਰ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਮੰਤਰੀ ਤੀਕਸ਼ਣ ਸੂਦ, ਜਰਨੈਲ ਸਿੰਘ ਵਾਹਦ ਤੇ ਹੋਰ ਹਾਜ਼ਰ ਸਨ।