ਚੋਣ ਰੋਲ ਆਬਜ਼ਰਵਰ ਨੇ ਐੱਸਆਈਆਰ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੋਣ ਰੋਲ ਆਬਜ਼ਰਵਰ ਨੇ ਕਪੂਰਥਲਾ ’ਚ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Publish Date: Sun, 06 Sep 2026 09:20 PM (IST)
Updated Date: Sun, 06 Sep 2026 09:22 PM (IST)
--ਪੋਲਿੰਗ ਬੂਥਾਂ ਤੇ ਲਗਾਏ ਵਿਸ਼ੇਸ਼ ਕੈਂਪਾਂ ਦਾ ਕੀਤਾ ਨਿਰੀਖਣ --ਅਧਿਕਾਰੀਆਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਮੁੱਖ ਸਕੱਤਰ ਰਾਹੁਲ ਭੰਡਾਰੀ ਜੋ ਕਿ ਕਪੂਰਥਲਾ ਜ਼ਿਲ੍ਹੇ ਦੇ ਚੋਣ ਰੋਲ ਆਬਜ਼ਰਵਰ ਵੀ ਹਨ, ਨੇ ਅੱਜ ਵੋਟਰ ਸੂਚੀਆਂ ਦੇ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਦਾ ਜਾਇਜ਼ਾ ਲਿਆ ਤੇ ਜ਼ਿਲ੍ਹਾ ਅਧਿਕਾਰੀਆਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਰੋਲ ਆਬਜ਼ਰਵਰ ਨੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਨਾਲ ਇਸ ਗੱਲ ਤੇ ਜ਼ੋਰ ਦਿੱਤਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣ ਕਿ ਜਿਨ੍ਹਾਂ ਨਾਗਰਿਕਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚੋਂ ਰਹਿ ਗਏ ਹਨ ਤੇ ਨਾਲ ਹੀ ਨਵੀਂ ਵੋਟ ਬਣਾਉਣ ਦੇ ਚਾਹਵਾਨਾਂ ਨੂੰ 12 ਸਤੰਬਰ, 2026 ਤੱਕ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਿਰਧਾਰਤ ਫਾਰਮ ਜਮ੍ਹਾਂ ਕਰਵਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ। ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਪਹਿਲੀ ਵਾਰ ਬਣਨ ਵਾਲੇ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਸੌਖਾਲਾ ਬਣਾਉਣ ਲਈ ਸਕੂਲਾਂ ਤੇ ਕਾਲਜਾਂ/ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੋਗ ਨੌਜਵਾਨਾਂ ਨੂੰ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਸੈਮੀਨਾਰ, ਰੈਲੀਆਂ ਤੇ ਹੋਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਹਰੇਕ ਸਬ-ਡਿਵੀਜ਼ਨ ਵਿੱਚ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਤੇ ਡੁਪਲੀਕੇਟ ਸ਼੍ਰੇਣੀਆਂ ਦੇ ਘੇਰੇ ਵਿੱਚ ਆਉਂਦੇ ਵੋਟਰਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਤੇ ਇਲੈਕਟੋਰਲ ਰਜਿਸਟ੍ਰੇਸ਼ਨ ਅਫਸਰਾਂ ਤੇ ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫਸਰਾਂ ਤੋਂ ਵੇਰਵੇ ਸਹਿਤ ਫੀਡਬੈਕ ਮੰਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਐੱਸਆਈਆਰ ਦੀ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਿਸੇ ਵੀ ਪੱਧਰ ਤੇ ਕੋਈ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਕਿਰਿਆ ਦੌਰਾਨ ਜਾਰੀ ਕੀਤੇ ਗਏ ਹਰ ਨੋਟਿਸ ਦੀ ਨਿੱਜੀ ਤੌਰ ਤੇ ਸੀਨੀਅਰ ਅਧਿਕਾਰੀਆਂ ਦੁਆਰਾ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਤੇ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 1 ਅਕਤੂਬਰ, 2026 ਦੀ ਯੋਗਤਾ ਮਿਤੀ ਦੇ ਹਵਾਲੇ ਨਾਲ ਵੋਟਰ ਵਜੋਂ ਦਰਜ ਹੋਣ ਦੇ ਯੋਗ ਨਾਗਰਿਕ 12 ਸਤੰਬਰ, 2026 ਤੱਕ ਸਵੈ-ਘੋਸ਼ਣਾ ਪੱਤਰ ਦੇ ਨਾਲ ਫਾਰਮ 6 ਜਮ੍ਹਾਂ ਕਰਵਾ ਸਕਦੇ ਹਨ। ਇਸੇ ਤਰ੍ਹਾਂ, ਓਵਰਸੀਜ਼/ਐੱਨਆਰਆਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 6A, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ 7, ਅਤੇ ਇੰਦਰਾਜਾਂ ਦੀ ਦਰੁਸਤੀ ਤੇ ਰਿਹਾਇਸ਼ ਦੀ ਤਬਦੀਲੀ ਲਈ ਫਾਰਮ 8 ਵੀ ਇਸ ਸਮੇਂ ਦੌਰਾਨ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਦੌਰਾਨ ਪ੍ਰਾਪਤ ਹੋਏ ਸਾਰੇ ਦਾਅਵਿਆਂ ਅਤੇ ਐਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕਰ ਦਿੱਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸਿਜ਼ ਪੋਰਟਲ voters.eci.gov.in ਰਾਹੀਂ ਜਾਂ ECINET ਮੋਬਾਈਲ ਐਪ ਰਾਹੀਂ ਵੀ ਨਿਰਧਾਰਤ ਫਾਰਮ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ, ਭੰਡਾਰੀ ਨੇ ਚੱਲ ਰਹੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਫੀਡਬੈਕ ਤੇ ਸੁਝਾਅ ਮੰਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਜਾਇਜ਼ ਸੁਝਾਵਾਂ ਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਵਿਚਾਰ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਪਰਵਿੰਦਰ ਸਿੰਘ ਢੋਟ ਤੇ ਇੰਦਰਜੀਤ ਸਿੰਘ ਜੁਗਨੂੰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਤਨਵੀਰ ਸਿੰਘ ਤੇ ਦਲਵਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਮਨਪ੍ਰੀਤ ਸਿੰਘ ਤੇ ਅਭਿਸ਼ੇਕ ਸ਼ਰਮਾ, ਭਾਰਤੀ ਜਨਤਾ ਪਾਰਟੀ ਵੱਲੋਂ ਨਿਰਮਲ ਸਿੰਘ ਨਾਹਰ, ਬਹੁਜਨ ਸਮਾਜ ਪਾਰਟੀ ਵੱਲੋਂ ਜਸਵੰਤ ਸਿੰਘ ਤੇ ਰਾਕੇਸ਼ ਕੁਮਾਰ, ਐੱਸਡੀਐੱਮਜ਼ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਪਹੁੰਚਣ ਤੇ ਚੋਣ ਰੋਲ ਆਬਜ਼ਰਵਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।