ਮੁਲਾਜ਼ਮਾਂ ਉਪਰ ਹੋਏ ਲਾਠੀਚਾਰਜ ਦਾ ਜਵਾਬ ਮੁਲਾਜ਼ਮ ਚੋਣਾਂ ’ਚ ਦੇਣਗੇ : ਕੌਂਡਲ
ਮੁਲਾਜ਼ਮਾਂ ਉਪਰ ਹੋਏ ਲਾਠੀਚਾਰਜ ਦਾ ਜਵਾਬ ਮੁਲਾਜ਼ਮ 2027 ਦੀਆਂ ਚੋਣਾਂ "ਚ ਦੇਣਗੇ : ਸੰਜੀਵ ਕੌਂਡਲ
Publish Date: Mon, 09 Mar 2026 09:01 PM (IST)
Updated Date: Mon, 09 Mar 2026 09:03 PM (IST)
ਆਮ ਲੋਕਾਂ ਨਾਲ ਸੰਪਰਕ ਕਰਕੇ ਆਮ ਲੋਕਾਂ ਨੂੰ ਆਪ ਖਿਲਾਫ ਕਰਾਂਗੇ ਲਾਮਬੰਦ
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ
ਕਾਲਾ ਸੰਘਿਆ : ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੰਜੀਵ ਕੌਂਡਲ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵੱਲ ਮਾਰਚ ਕਰਦਿਆਂ ਮੁਲਾਜ਼ਮਾਂ ਤੇ ਕੀਤੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰਨਾ ਆਮ ਆਦਮੀ ਪਾਰਟੀ ਲਈ 2027 ਦੀਆਂ ਵੋਟਾਂ ਦੌਰਾਨ ਘਾਤਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ 2022 ਦੀਆਂ ਵੋਟਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਮੁਲਾਜ਼ਮਾਂ ਦੀ ਬਹੁਤ ਅਹਿਮ ਭੂਮਿਕਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲ਼ੋਂ ਮੁਲਾਜ਼ਮਾਂ ਨੂੰ ਅਣਗੌਲਿਆ ਕੀਤਾ ਗਿਆ ਤੇ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਕੌਂਡਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਪੰਜਾਬ ਦੇ ਮੁਲਾਜ਼ਮਾਂ ਦਾ ਡੀਏ ਕੇਂਦਰ ਸਰਕਾਰ ਦੇ ਬਰਾਬਰ ਕਰਨਾ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਆਦਿ ਮੰਗਾਂ ਪੂਰੀਆਂ ਕਰਨ ਦਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਪਰ ਅਫਸੋਸ ਹੁਣ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਪਰ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਤੇ ਮੰਗਾਂ ਲਈ ਸ਼ਾਂਤਮਈ ਸ਼ੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਲਾਠੀਚਾਰਜ ਕਰਨਾ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਮੁਲਾਜ਼ਮਾਂ ਦਾ ਆਮ ਲੋਕਾਂ ਨਾਲ਼ ਸਿੱਧਾ ਆਪਸੀ ਸੰਪਰਕ ਹੁੰਦਾ ਹੈ ਤੇ ਸੂਬੇ ਦੇ ਮੁਲਾਜ਼ਮ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ ਕੀਤੇ ਅੱਤਿਆਚਾਰ ਤੇ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਦੀ ਕਚਹਿਰੀ ਵਿਚ ਰੱਖਣਗੇ ਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਲ਼ਟ ਭੁਗਤਣ ਲਈ ਲਾਮਬੰਦ ਕੀਤਾ ਜਾਵੇਗਾ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਭੁਗਤਨਾ ਪਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਤੇ ਆਮ ਲੋਕ ਆਮ ਆਦਮੀ ਪਾਰਟੀ ਨੂੰ 2027 ਦੀਆਂ ਚੋਣਾਂ ਦੌਰਾਨ ਸੱਤਾ ਤੋਂ ਲਾਂਭੇ ਕਰਕੇ ਹੀ ਰੁਕਣਗੇ।