ਰੋਜ਼ਗਾਰ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਪਰਾਲੀ ਸਾੜਨ ਤੋਂ ਰੋਕਣ ਲਈ ਰੋਜ਼ਗਾਰ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Thu, 05 Nov 2026 10:21 PM (IST)
Updated Date: Thu, 05 Nov 2026 10:23 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਰੋਜ਼ਗਾਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸੰਪਰਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਲੇਸਮੈਂਟ ਅਫ਼ਸਰ ਡਾ. ਵਰੁਣ ਜੋਸ਼ੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ, ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਵਾਤਾਵਰਣ ਤੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸਹੀ ਪ੍ਰਬੰਧਨ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਵਿੱਚ ਵੀ ਸਹਾਇਕ ਹੈ।