ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਮੁਫ਼ਤ ਇਲਾਜ
ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਕੈਸ਼ਲੈੱਸ ਇਲਾਜ : ਸੰਦੀਪ, ਲੱਖਾ, ਗੋਰਾ
Publish Date: Thu, 08 Jan 2026 08:07 PM (IST)
Updated Date: Thu, 08 Jan 2026 08:09 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਲਈ ਕਿਸੇ ਵੀ ਤਰ੍ਹਾਂ ਦੀ ਆਮਦਨ ਹੱਦ ਨਹੀਂ ਰੱਖੀ ਗਈ ਹੈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਯੂਥ ਕੋਆਰਡੀਨੇਟਰ ਸੰਦੀਪ ਕੁਮਾਰ, ਲੱਖਾ ਲਹੌਰੀਆ ਅਤੇ ਯੂਥ ਪ੍ਰਧਾਨ ਸੁਰਜੀਤ ਸਿੰਘ ਗੋਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ। ਉਕਤ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਿਹਤ ਖੇਤਰ ਵਿਚ ਇਕ ਇਤਿਹਾਸਿਕ ਫੈਸਲਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਚਲ ਰਹੀਆਂ ਸਿਹਤ ਬੀਮਾ ਯੋਜਨਾਵਾਂ ਹੇਠ ਸਿਰਫ਼ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮੌਜੂਦਾ ਸਰਕਾਰ ਨੇ ਇਸ ਸੀਮਾ ਨੂੰ ਦੁਗਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਪੰਜਾਬ ਦੇ ਹਰ ਇਕ ਪਰਿਵਾਰ ਨੂੰ ਮਿਲੇਗਾ ਅਤੇ ਇਹ ਫੈਸਲਾ ਸੂਬੇ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।