ਝੋਟੇ ਦੇ ਕਤਲ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਸਜ਼ਾ ਮਿਲੇ : ਸੋਹਲ ਪਰਮਿੰਦਰ ਸਿੰਘ ਝੋਟੇ ਦੇ ਕਤਲ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਸਖ਼ਤ ਸਜ਼ਾਵਾਂ ਮਿਲਣ : ਪ੍ਰਧਾਨ ਫਤਿਹ ਸਿੰਘ ਸੋਹਲ
Publish Date: Mon, 19 Oct 2026 08:57 PM (IST)
Updated Date: Mon, 19 Oct 2026 09:00 PM (IST)
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਉੱਘੇ ਸਮਾਜ ਸੇਵਕ ਤੇ ਜਗਤਾਰ ਪ੍ਰਵਾਨਾ ਸੱਭਿਆਚਾਰਕ ਮੰਚ ਅਠੌਲਾ ਦੇ ਪ੍ਰਧਾਨ ਫਤਿਹ ਸਿੰਘ ਸੋਹਲ ਨੇ ਨਸ਼ਿਆਂ ਖਿਲਾਫ ਸੂਬੇ ਵਿੱਚ ਅਵਾਜ਼ ਬੁਲੰਦ ਕਰਕੇ ਮੋਹਰੀ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਤੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੱਡੇ ਸਵਾਲ ਚੁਕਦਿਆਂ ਝੋਟੇ ਦੀ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਜ਼ਬਰ ਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਅਵਾਜ਼ ਚੁੱਕਣ ਵਾਲੇ ਮਾੜੇ ਅਨਸਰਾਂ ਤੇ ਸਰਕਾਰਾਂ ਦੀਆਂ ਅੱਖਾਂ ਵਿੱਚ ਹਮੇਸ਼ਾ ਰੜਕਦੇ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਦੇ ਕਤਲ ਦੀ ਘਟਨਾ ਨੇ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਦੇ ਦਿਲਾਂ ’ਤੇ ਡੂੰਘਾ ਅਸਰ ਪਾਇਆ ਹੈ ਤੇ ਦੇਸ਼ ਦੁਨੀਆਂ ਵਿੱਚ ਪੰਜਾਬ ਦੀ ਬਦਨਾਮੀ ਹੋ ਰਹੀ ਹੈ, ਜਿਸ ਦੀ ਜ਼ਿੰਮੇਵਾਰ ਸਰਕਾਰ ਹੈ। ਸੋਹਲ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੀ ਜਵਾਨੀ ਨੂੰ ਆਪਣੇ ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਲਈ ਉਪਰਾਲੇ ਕਰਨੇ ਚਾਹੀਦੇ ਸਨ, ਜਿਸ ਨਾਲ਼ ਨੌਜਵਾਨ ਨਸ਼ਿਆਂ ਦੀ ਅਲਾਮਤ ਤੋਂ ਬਚ ਸਕਣ। ਪ੍ਰਧਾਨ ਫਤਿਹ ਸਿੰਘ ਸੋਹਲ ਨੇ ਕਿਹਾ ਕਿ ਮਾਨਸਾ ਵਿਖੇ ਚਲ ਰਹੇ ਧਰਨੇ ਤੇ ਆਗੂਆਂ ਦੀ ਬਣੀ ਕਮੇਟੀ ਨਾਲ਼ ਪੰਜਾਬ ਦੇ ਡੀਜੀਪੀ ਤੇ ਮੁੱਖ ਮੰਤਰੀ ਨੂੰ ਸੰਪਰਕ ਕਰਕੇ ਉਨ੍ਹਾਂ ਦੀਆਂ ਮੰਗਾਂ ਤੇ ਗੌ਼ਰ ਕਰਨਾ ਚਾਹੀਦਾ ਹੈ ਤੇ ਧਰਨੇ ਵਿੱਚ ਇਕੱਤਰ ਲੋਕਾਂ ਨੂੰ ਭਾਵੁਕ ਨਹੀਂ ਹੋਣਾ ਚਾਹੀਦਾ ਸਗੋਂ ਸ਼ਾਤੀ ਤੇ ਸੰਜਮ ਨਾਲ਼ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਨ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਕਤਲ ਲਈ ਜ਼ਿੰਮੇਵਾਰ ਕਰ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।