- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ‘ਚ ਹਰ ਇੱਕ ਵਿਅਕਤੀ ਦੀ ਭੂਮਿਕਾ ਅਹਿਮ : ਸੰਤੋਸ਼ ਗੋਗੀ

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਦੁਆਬੇ ਦੀ ਮੋਹਰੀ ਸਮਾਜ ਸੇਵੀ ਜੱਥੇਬੰਦੀ ਸਰਬ ਨੌਜਵਾਨ ਸਭਾ ਫਗਵਾੜਾ ਅਤੇ ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਵੱਲੋਂ ਮਾਈ ਭਾਰਤ ਕਪੂਰਥਲਾ ਦੇ ਸਹਿਯੋਗ ਨਾਲ ਨਸ਼ਾਖੋਰੀ ਵਿਰੁੱਧ ਵਿਸ਼ਵ ਦਿਹਾੜਾ ਸੋਸਵਾ ਪੰਜਾਬ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ, ਸਕੀਮ ਨੰਬਰ-3 ਹੁਸ਼ਿਆਰਪੁਰ ਰੋਡ ਵਿਖੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਕ ਸਰਗਰਮੀਆਂ ਨਾਲ ਜੋੜ ਕੇ ਹੀ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਪ੍ਰਿੰਸੀਪਲ ਗੁਰਮੀਤ ਪਲਾਹੀ ਨੇ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਤਿਰਸਕਾਰ ਦੀ ਬਜਾਏ ਸਹਿਯੋਗ ਅਤੇ ਸਹੀ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਸਮਾਜ ਦੀ ਹੌਸਲਾ-ਅਫਜ਼ਾਈ ਨਾਲ ਅਜਿਹੇ ਲੋਕ ਮੁੜ ਸਧਾਰਨ ਜੀਵਨ ਵੱਲ ਪਰਤ ਸਕਦੇ ਹਨ। ਇਸ ਮੌਕੇ ਨਵਜੋਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੱਦਾ ਦਿੱਤਾ। ਮੰਚ ਦਾ ਸੰਚਾਲਨ ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਸਭਾ ਵੱਲੋਂ ਮਹਿਮਾਨਾਂ ਅਤੇ ਸਮਾਜਿਕ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਾਰੇ ਮਹਿਮਾਨਾਂ, ਮਾਈ ਭਾਰਤ ਕਪੂਰਥਲਾ ਅਤੇ ਸਹਿਯੋਗੀ ਸੰਸਥਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਬ ਨੌਜਵਾਨ ਸਭਾ ਭਵਿੱਖ ਵਿੱਚ ਵੀ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਅਜਿਹੇ ਪ੍ਰੋਗਰਾਮ ਕਰਵਾਉਂਦੀ ਰਹੇਗੀ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਰਣਜੀਤ ਸਿੰਘ ਬੇਦੀ, ਗੁਲਸ਼ਨ ਕਪੂਰ, ਜਗਜੀਤ ਸੇਠ, ਆਸ਼ੂ ਬੱਗਾ, ਸੁਖਪ੍ਰੀਤ ਕੌਰ, ਗੁਰਜੀਤ ਕੌਰ, ਖੁਸ਼ੀ ਰਾਣਾ, ਨਵਜੋਤ ਕੌਰ, ਗੁਰਜੀਤ ਕੌਰ ਅਤੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿੱਖਿਆਰਥਣਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।