ਅਕਾਲੀ ਦਲ ਦੀ ਹਰ ਨੀਤੀ ਸਰਬੱਤ ਦਾ ਭਲਾ ਦੇ ਸਿਧਾਂਤ ’ਤੇ ਆਧਾਰਤ : ਖੁਰਾਣਾ ਸ਼੍ਰੋਮਣੀ ਅਕਾਲੀ ਦਲ ਦੀ ਹਰ ਨੀਤੀ ਸਰਬੱਤ ਦਾ ਭਲਾ ਦੇ ਸਿਧਾਂਤ ਤੇ ਅਧਾਰਤ ਰਹੀ ਹੈ-ਖੁਰਾਣਾ
Publish Date: Fri, 10 Jul 2026 06:37 PM (IST)
Updated Date: Fri, 10 Jul 2026 06:39 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਚੱਲ ਰਹੀਆਂ ਮੀਟਿੰਗਾਂ ਦੇ ਹਿੱਸੇ ਵਜੋਂ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਵਿੰਗ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਡੀ ਗਿਣਤੀ ’ਚ ਐੱਸਓਆਈ ਵਰਕਰਾਂ ਅਤੇ ਨੌਜਵਾਨ ਮੈਂਬਰਾਂ ਨੇ ਸ਼ਿਰਕਤ ਕੀਤੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਸਾਰੇ ਵਰਕਰਾਂ ਦੇ ਉਤਸ਼ਾਹ ਅਤੇ ਸਹਿਯੋਗ ਨੇ ਦਿਖਾਇਆ ਕਿ ਫਗਵਾੜਾ ਹਲਕੇ ਵਿੱਚ ਐੱਸਓਆਈ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਰਣਜੀਤ ਸਿੰਘ ਖੁਰਾਣਾ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਗੁਰਸਿਮਰ ਸਿੰਘ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐੱਸਓਆਈ ਵਿੰਗ ਦਾ ਵਿਸਥਾਰ ਕਰਨ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਰ ਕਰਨ ਦੇ ਉਦੇਸ਼ ਨਾਲ ਵਿਸ਼ੂ ਘਈ ਨੂੰ ਜ਼ਿਲ੍ਹਾ ਜਨਰਲ ਸਕੱਤਰ, ਦਿਨੇਸ਼ ਸੈਣੀ ਨੂੰ ਹਲਕਾ ਫਗਵਾੜਾ ਦਾ ਉਪ ਪ੍ਰਧਾਨ,ਜਸਕਰਨ ਸਿੰਘ ਨੂੰ ਉਪ ਪ੍ਰਧਾਨ, ਅਭੀ ਸਹੋਤਰਾ ਨੂੰ ਉਪ ਪ੍ਰਧਾਨ ਅਤੇ ਸਿਮਰਜੋਤ ਸਿੰਘ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ, ਪੰਜਾਬੀਅਤ, ਕਿਸਾਨਾਂ, ਨੌਜਵਾਨਾਂ, ਕਾਰੋਬਾਰੀਆਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੇ ਭਵਿੱਖ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਰਗੀ ਇੱਕ ਮਜ਼ਬੂਤ ਖੇਤਰੀ ਪਾਰਟੀ ਦਾ ਸੱਤਾ ਵਿੱਚ ਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਨਾਲ ਦੇਖ ਰਹੇ ਹਨ ਤਾਂ ਜੋ ਸੂਬੇ ਨੂੰ ਵਿਕਾਸ, ਖੁਸ਼ਹਾਲੀ ਅਤੇ ਸ਼ਾਂਤੀ ਦੇ ਰਾਹ ਤੇ ਵਾਪਸ ਲਿਆਂਦਾ ਜਾ ਸਕੇ। ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਰਾਜਨੀਤਿਕ ਪਾਰਟੀ ਹੈ ਜਿਸ ਨੇ ਆਪਣੀ ਸ਼ੁਰੂਆਤ ਤੋਂ ਹੀ ਪੰਜਾਬ, ਪੰਜਾਬੀਅਤ, ਸਿੱਖ ਭਾਈਚਾਰੇ ਅਤੇ ਸੂਬੇ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਰ ਨੀਤੀ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਆਧਾਰਤ ਰਹੀ ਹੈ ਅਤੇ ਕਿਸਾਨਾਂ, ਮਜ਼ਦੂਰਾਂ, ਕਾਰੋਬਾਰੀਆਂ, ਕਰਮਚਾਰੀਆਂ, ਨੌਜਵਾਨਾਂ, ਔਰਤਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬੇਰੁਜ਼ਗਾਰੀ, ਨਸ਼ਾਖੋਰੀ, ਕਾਨੂੰਨ ਵਿਵਸਥਾ, ਉਦਯੋਗਿਕ ਪ੍ਰਵਾਸ, ਖੇਤੀਬਾੜੀ ਸੰਕਟ, ਮਹਿੰਗਾਈ ਅਤੇ ਆਰਥਿਕ ਦਬਾਅ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਲੋਕਾਂ ਦੀਆਂ ਉਮੀਦਾਂ ਤੇ ਖਰੀ ਨਹੀਂ ਉਤਰੀ ਹੈ ਅਤੇ ਸੂਬੇ ਦਾ ਹਰ ਵਰਗ ਅਸੁਰੱਖਿਅਤ ਅਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕੀ ਵਿਸਥਾਰ, ਪੇਂਡੂ ਵਿਕਾਸ, ਸਿੰਚਾਈ ਪ੍ਰਬੰਧਨ, ਬਿਜਲੀ ਉਤਪਾਦਨ, ਉਦਯੋਗਿਕ ਤਰੱਕੀ, ਕਿਸਾਨ ਭਲਾਈ ਅਤੇ ਲੋਕ ਭਲਾਈ ਸਕੀਮਾਂ ਨੂੰ ਤਰਜੀਹ ਦਿੱਤੀ ਗਈ ਸੀ। ਇਸੇ ਕਰਕੇ ਪੰਜਾਬ ਦੇਸ਼ ਦੇ ਮੋਹਰੀ ਅਤੇ ਵਿਕਾਸਸ਼ੀਲ ਸੂਬਿਆਂ ਵਿੱਚ ਆਪਣੀ ਵਿਲੱਖਣ ਪਛਾਣ ਸਥਾਪਤ ਕਰਨ ਵਿੱਚ ਸਫਲ ਰਿਹਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੂਬੇ ਭਰ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਸੰਗਠਨ ਦਾ ਵਿਸਥਾਰ ਬੂਥ ਪੱਧਰ ਤੱਕ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ, ਔਰਤਾਂ ਅਤੇ ਸਮਾਜ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਖੁਰਾਣਾ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਪੂਰਾ ਸਮਰਥਨ ਦੇਣਗੇ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਕ ਮਜ਼ਬੂਤ, ਸਥਿਰ, ਪਾਰਦਰਸ਼ੀ ਅਤੇ ਲੋਕ ਪੱਖੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਅਤੇ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ, ਉਦਯੋਗਿਕ ਪ੍ਰੋਤਸਾਹਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਔਰਤਾਂ ਦੀ ਸੁਰੱਖਿਆ ਅਤੇ ਸਤਿਕਾਰ ਕੀਤਾ ਜਾਵੇਗਾ, ਗਰੀਬਾਂ ਅਤੇ ਲੋੜਵੰਦਾਂ ਲਈ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਨਾਗਰਿਕ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਐੱਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਨੇ ਕਿਹਾ ਕਿ ਐਸਓਆਈ ਵਿੰਗ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰ ਪਿੰਡ ਵਿੱਚ ਪਾਰਟੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਦਿਆਂ ਚੋਣਾਂ ਵਿੱਚ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ। ਇਸ ਆਧਾਰ ’ਤੇ ਪਾਰਟੀ ਨੂੰ ਜਨਤਾ ਦਾ ਸਮਰਥਨ ਮਿਲੇਗਾ।