ਹਰ ਵਰਗ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰੇ : ਚੇਅਰਮੈਨ ਲੁਬਾਣਾ
ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇਵੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਮਰਥਨ-ਚੇਅਰਮੈਨ ਲੁਬਾਣਾ
Publish Date: Mon, 19 Jan 2026 06:52 PM (IST)
Updated Date: Mon, 19 Jan 2026 06:54 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਹੜ੍ਹ ਨੂੰ ਖਤਮ ਕਰਨ ਲਈ ਦਿਨ-ਰਾਤ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਨਸ਼ਿਆਂ ਦੇ ਹੜ੍ਹ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਧਦੀ ਸਮੱਸਿਆ ਅੱਜ ਸਮਾਜ ਲਈ ਇਕ ਗੰਭੀਰ ਚੁਣੌਤੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ ਤੇ ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾ ਕੇ ਜਾਗਰੂਕ ਕਰ ਰਹੀ ਹੈ। ਜੇਕਰ ਸਮਾਜ ਨਸ਼ਾ ਮੁਕਤ ਹੋਵੇਗਾ ਤਾਂ ਹੀ ਸਾਡਾ ਜ਼ਿਲ੍ਹ ਸੁਰੱਖਿਅਤ ਰਹੇਗਾ ਅਤੇ ਦੇਸ਼ ਦੀ ਤਰੱਕੀ ਸੰਭਵ ਹੋਵੇਗੀ। ਨਸ਼ਾ ਨਾ ਸਿਰਫ਼ ਇਕ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹੀ ਵੱਲ ਲੈ ਜਾਂਦਾ ਹੈ। ਅਜਿਹੀ ਸਥਿਤੀ ਵਿਚ ਸਮੇਂ ਸਿਰ ਇਸ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ। ਲੁਬਾਣਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ’ਤੇ ਨਜ਼ਰ ਰੱਖਣ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ ਤੇ ਜੇਕਰ ਇਹ ਪੀੜ੍ਹੀ ਨਸ਼ਿਆਂ ਦੀ ਲਪੇਟ ਵਿਚ ਆ ਜਾਂਦੀ ਹੈ ਤਾਂ ਇਸ ਦੇ ਨਤੀਜੇ ਸਿਰਫ ਸਾਨੂੰ ਹੀ ਨਹੀਂ ਸਗੋਂ ਪੂਰੇ ਸਮਾਜ ਨੂੰ ਭੁਗਤਣੇ ਪੈਣਗੇ। ਅੰਤ ਵਿਚ ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਗਠਨਾਂ ਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਤਾਂ ਹੀ ਇਕ ਸਿਹਤਮੰਦ, ਸੁਰੱਖਿਅਤ ਤੇ ਮਜ਼ਬੂਤ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।