- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

--ਕਪੂਰਥਲਾ ਦਾਣਾ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਮੱਲ੍ਹੀ\ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਦਾਣਾ ਮੰਡੀ ਕਪੂਰਥਲਾ ਵਿਖੇ ਝੋਨੇ ਦੀ ਖਰੀਦ ਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦੋ ਦਿਨਾਂ ਦੌਰਾਨ ਸੂਬੇ ਵਿੱਚ ਲਗਭਗ 97,000 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 70,000 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿੱਚ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ, ਮਿੱਲ ਮਾਲਕਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਤੇ ਖਰੀਦ, ਲਿਫ਼ਟਿੰਗ, ਅਦਾਇਗੀਆਂ, ਬਾਰਦਾਨੇ ਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਸੁਚਾਰੂ ਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਕਟਾਰੂਚੱਕ ਨੇ ਕਿਸਾਨ ਸੁਖਜਿੰਦਰ ਸਿੰਘ ਵੱਲੋਂ ਮੰਡੀ ਵਿੱਚ ਲਿਆਂਦੇ ਗਏ ਝੋਨੇ ਦੀ ਖਰੀਦ ਦੀ ਸ਼ੁਰੂਆਤ ਵੀ ਕਰਵਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਤੇ ਫ਼ਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਖਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਤੇ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਉਣ ਵਾਸਤੇ 42,786 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੇ 24 ਘੰਟਿਆਂ ਅੰਦਰ ਅਦਾਇਗੀ ਮਿਲ ਸਕੇ।
ਕਿਸਾਨਾਂ ਨੂੰ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਤੇ ਸੁੱਕਣ ਤੋਂ ਬਾਅਦ ਹੀ ਕਰਨ ਅਤੇ ਨਿਰਧਾਰਤ ਨਮੀ ਦੀ ਮਾਤਰਾ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ 2,461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਸਕੇਗੀ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਨਹੀਂ ਕਰਨੀ ਪਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।
--ਪਿਛਲੇ ਅਨਾਜ ਭੰਡਾਰਾਂ ਦੀ ਨਿਕਾਸੀ ਕਰਨਾ ਕੇਂਦਰ ਦੀ ਜ਼ਿੰਮੇਵਾਰੀ
ਪਿਛਲੇ ਸਾਲਾਂ ਦੇ ਅਨਾਜ ਭੰਡਾਰਾਂ ਦੀ ਨਿਕਾਸੀ ਦੇ ਮੁੱਦੇ ’ਤੇ ਮੰਤਰੀ ਨੇ ਕਿਹਾ ਕਿ ਝੋਨੇ ਦੀ ਵੱਡੇ ਪੱਧਰ ’ਤੇ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਵਿੱਚ ਮੌਜੂਦ ਅਨਾਜ ਭੰਡਾਰਾਂ ਦੀ ਤੁਰੰਤ ਨਿਕਾਸੀ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਸਟੋਰੇਜ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਖਰੀਦ ਕਾਰਜ ਨਿਰਵਿਘਨ ਜਾਰੀ ਰਹਿ ਸਕਣ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।