ਖ਼ਾਲਸਾ ਕਾਲਜ ’ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਆਯੋਜਿਤ
Publish Date: Sat, 31 Oct 2026 06:48 PM (IST)
Updated Date: Sat, 31 Oct 2026 06:49 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਵਪਾਰਕ ਖੇਤਰ ਵਿੱਚ ਇਸ ਦੀ ਵਰਤੋਂ ਤੇ ਸਿੱਖਿਆ ਦੇ ਖੇਤਰ ਵਿੱਚ ਹੋ ਰਹੀਆਂ ਡਿਜੀਟਲ ਨਵੀਨਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ “ਡਿਜੀਟਲ ਹੋਰੀਜ਼ਨਜ਼ : ਬਿਜ਼ਨਸ, ਟੈਕਨਾਲੋਜੀ ਐਂਡ ਇਨੋਵੇਸ਼ਨ” ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਡਿਜੀਟਲ ਯੁੱਗ ਦੀਆਂ ਨਵੀਆਂ ਤਕਨੀਕੀ ਸੰਭਾਵਨਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਉਪਯੋਗਾਂ ਤੇ ਇਨ੍ਹਾਂ ਰਾਹੀਂ ਸਿੱਖਿਆ ਤੇ ਵਪਾਰਕ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਪ੍ਰੋਗਰਾਮ ਨੂੰ ਤਿੰਨ ਵਿਸ਼ੇਸ਼ ਸੈਸ਼ਨਾਂ ਵਿੱਚ ਵੰਡਿਆ ਗਿਆ, ਜਿਨ੍ਹਾਂ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰ ਬੁਲਾਰਿਆਂ ਨੇ ਆਪਣੇ ਗਿਆਨ, ਤਜ਼ਰਬੇ ਤੇ ਵਿਚਾਰਾਂ ਰਾਹੀਂ ਅਧਿਆਪਕਾਂ ਦਾ ਮਾਰਗਦਰਸ਼ਨ ਕੀਤਾ। ਪਹਿਲੇ ਸੈਸ਼ਨ ਤਕਨਾਲੋਜੀ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਪ੍ਰੋ. (ਡਾ.) ਹਰਦੀਪ ਸਿੰਘ, ਸਾਬਕਾ ਪ੍ਰੋਫੈਸਰ ਤੇ ਮੁਖੀ, ਕੰਪਿਊਟਰ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਸਰੋਤ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਤਕਨਾਲੋਜੀ ਦੇ ਖੇਤਰ ਵਿੱਚ ਹੋ ਰਹੀਆਂ ਤੇਜ਼ੀ ਨਾਲ ਤਬਦੀਲੀਆਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਕਿਵੇਂ ਏਆਈ ਦੀ ਮਦਦ ਨਾਲ ਗੁੰਝਲਦਾਰ ਕਾਰਜਾਂ ਨੂੰ ਆਸਾਨ ਬਣਾਇਆ ਜਾ ਸਕਦਾ ਹੈ, ਸਮੇਂ ਦੀ ਬੱਚਤ ਕੀਤੀ ਜਾ ਸਕਦੀ ਹੈ ਤੇ ਕਾਰਜਕੁਸ਼ਲਤਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਦੀ ਸਹੀ ਤੇ ਜ਼ਿੰਮੇਵਾਰ ਵਰਤੋਂ ਕਰਨ, ਡਿਜੀਟਲ ਹੁਨਰ ਵਿਕਸਿਤ ਕਰਨ ਤੇ ਬਦਲਦੇ ਤਕਨੀਕੀ ਮਾਹੌਲ ਅਨੁਸਾਰ ਆਪਣੇ ਆਪ ਨੂੰ ਅਪਡੇਟ ਰੱਖਣ ਲਈ ਪ੍ਰੇਰਿਤ ਕੀਤਾ। ਦੂਜੇ ਸੈਸ਼ਨ ਵਪਾਰਕ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿੱਚ ਪ੍ਰੋ. (ਡਾ.) ਬਿਕਰਮ ਸਿੰਘ ਵਿਰਕ, ਨੇ ਵਪਾਰਕ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਭੂਮਿਕਾ ਅਤੇ ਇਸ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਤੀਜੇ ਸੈਸ਼ਨ AI ਦੇ ਵਿਕਾਸ ਨਾਲ ਸਿੱਖਿਆ ਵਿੱਚ ਡਿਜੀਟਲ ਨਵੀਨਤਾਵਾਂ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਿੱਖਿਆ ਦੇ ਖੇਤਰ ਵਿੱਚ ਹੋ ਰਹੀਆਂ ਡਿਜੀਟਲ ਤਬਦੀਲੀਆਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਧਦੇ ਪ੍ਰਭਾਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੱਖਿਆ ਪ੍ਰਣਾਲੀ ਤੇਜ਼ੀ ਨਾਲ ਤਬਦੀਲ ਹੋ ਰਹੀ ਹੈ ਅਤੇ ਰਵਾਇਤੀ ਅਧਿਆਪਨ ਵਿਧੀਆਂ ਦੇ ਨਾਲ-ਨਾਲ ਡਿਜੀਟਲ ਸਾਧਨਾਂ ਦੀ ਵਰਤੋਂ ਵੀ ਬਹੁਤ ਮਹੱਤਵਪੂਰਨ ਬਣ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਏਆਈ ਆਧਾਰਿਤ ਤਕਨਾਲੋਜੀ ਅਧਿਆਪਨ-ਸਿੱਖਣ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ, ਰੁਚੀਕਰ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ ਸਮੂਹ ਸਰੋਤ ਬੁਲਾਰਿਆਂ ਦਾ ਉਨ੍ਹਾਂ ਦੇ ਕੀਮਤੀ ਸਮੇਂ, ਵਿਸ਼ੇਸ਼ ਗਿਆਨ ਤੇ ਜਾਣਕਾਰੀ ਭਰਪੂਰ ਵਿਚਾਰਾਂ ਲਈ ਧੰਨਵਾਦ ਕੀਤਾ।