10 ਮਹੀਨਿਆਂ ’ਚ ਨਹੀਂ ਹੋਈ ਜ਼ਿਲ੍ਹਾ ਪ੍ਰੀਸ਼ਦ ਦੀ ਕੋਈ ਮੀਟਿੰਗ : ਸੁਰਿੰਦਰ ਸਿੰਘ ਜਿਲ੍ਹਾ ਪ੍ਰੀਸ਼ਦ ਚੋਣਾਂ ਤੋਂ 10 ਮਹੀਨੇ ਬਾਅਦ ਵੀ ਪਹਿਲੀ ਮੀਟਿੰਗ ਨਾ ਹੋਣਾ ਲੋਕਾਂ ਦੇ ਫ਼ਤਵੇ ਦੀ ਅਣਦੇਖੀ— ਸੁਰਿੰਦਰ ਸਿੰਘ
Publish Date: Sun, 11 Oct 2026 07:13 PM (IST)
Updated Date: Sun, 11 Oct 2026 07:14 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜ਼ਿਲ੍ਹਾ ਕਪੂਰਥਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਚੋਣ ਹੋਏ ਦਸ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪਹਿਲੀ ਮੀਟਿੰਗ ਨਾ ਸੱਦੇ ਜਾਣ ਤੇ ਚੇਅਰਮੈਨ ਤੇ ਵਾਈਸ-ਚੇਅਰਮੈਨ ਦੀ ਚੋਣ ਨਾ ਕਰਵਾਏ ਜਾਣ ’ਤੇ ਸਵਾਲ ਉੱਠਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਰਿੰਦਰ ਸਿੰਘ ਰਾਵਲਪਿੰਡੀ ਨੇ ਇਸ ਸਥਿਤੀ ਨੂੰ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਦੇਰੀ ਦਾ ਕਾਰਨ ਜਨਤਕ ਕਰਨ ਦੀ ਮੰਗ ਕੀਤੀ ਹੈ। ਸੁਰਿੰਦਰ ਸਿੰਘ ਰਾਵਲਪਿੰਡੀ ਨੇ ਕਿਹਾ ਕਿ ਚੁਣੇ ਹੋਏ ਮੈਂਬਰਾਂ ਨਾਲ ਵਿਕਾਸ ਕਾਰਜਾਂ ਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਅਜੇ ਤੱਕ ਸਾਂਝੀ ਵਿਚਾਰ-ਚਰਚਾ ਨਹੀਂ ਹੋਈ। ਲੋਕ ਆਪਣੇ ਨੁਮਾਇੰਦੇ ਚੁਣ ਕੇ ਭੇਜਦੇ ਹਨ ਤਾਂ ਜੋ ਉਹ ਇਲਾਕੇ ਦੀਆਂ ਸਮੱਸਿਆਵਾਂ ਨੂੰ ਉਠਾਉਣ ਤੇ ਵਿਕਾਸ ਕਾਰਜਾਂ ਸਬੰਧੀ ਫ਼ੈਸਲਿਆਂ ਵਿੱਚ ਆਪਣੀ ਭੂਮਿਕਾ ਨਿਭਾ ਸਕਣ, ਪਰ ਮੀਟਿੰਗਾਂ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਕੰਮ ਕਰਨ ਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਨਾ ਕਰਨਾ ਲੋਕਾਂ ਦੇ ਫ਼ਤਵੇ ਦੀ ਅਣਦੇਖੀ ਦੇ ਬਰਾਬਰ ਹੈ। ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਜ਼ਿਲ੍ਹਾ ਪ੍ਰੀਸ਼ਦ ਦਾ ਕੰਮਕਾਜ ਸ਼ੁਰੂ ਕਰਨ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸੁਰਿੰਦਰ ਸਿੰਘ ਰਾਵਲਪਿੰਡੀ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਪਹਿਲੀ ਮੀਟਿੰਗ ਤੁਰੰਤ ਸੱਦੀ ਜਾਵੇ, ਚੇਅਰਮੈਨ ਤੇ ਵਾਈਸ-ਚੇਅਰਮੈਨ ਦੀ ਚੋਣ ਕਰਵਾਈ ਜਾਵੇ ਤੇ ਵਿਕਾਸ ਕਾਰਜਾਂ ਵਿੱਚ ਚੁਣੇ ਹੋਏ ਮੈਂਬਰਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਅਸਲ ਭਾਵਨਾ ਦਾ ਸਨਮਾਨ ਉਦੋਂ ਹੀ ਹੁੰਦਾ ਹੈ, ਜਦੋਂ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੇ ਲੋਕਾਂ ਦੀ ਆਵਾਜ਼ ਉਠਾਉਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ।