ਨਸ਼ਾ ਵਿਰੋਧੀ ਕਾਰਕੁੰਨਾਂ ਨੂੰ ਸੁਰੱਖਿਆ ਨਾ ਮਿਲਣਾ ਇੱਕ ਨਾਕਾਮੀ : ਚਾਹਲ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇੱਕ ਵੱਡੀ ਨਾਕਾਮੀ ਹੈ-ਮੰਮੂ ਚਾਹਲ
Publish Date: Thu, 15 Oct 2026 08:39 PM (IST)
Updated Date: Thu, 15 Oct 2026 08:42 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁੱਖਦਾਈ ਤੇ ਚਿੰਤਾਜਨਕ ਹੈ। ਇਸ ਘਟਨਾ ਨੇ ਹਰ ਕਿਸੇ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਪੂਰਥਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਉੱਘੇ ਆਗੂ ਮਲਵਿੰਦਰ ਸਿੰਘ ਚਾਹਲ ਉਰਫ ਮੰਮੂ ਚਾਹਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਹੋਏ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਨਸ਼ਿਆਂ ਖਿਲਾਫ਼ ਬੋਲਣ ਵਾਲੇ ਕਿਸੇ ਵਿਅਕਤੀ ਦਾ ਕਤਲ ਹੁੰਦਾ ਹੈ, ਤਾਂ ਇਸਦਾ ਮਕਸਦ ਸਿਰਫ਼ ਉਸ ਇੱਕ ਵਿਅਕਤੀ ਨੂੰ ਖਤਮ ਕਰਨਾ ਨਹੀਂ, ਸਗੋਂ ਪੂਰੇ ਸਮਾਜ ਵਿੱਚ ਡਰ ਪੈਦਾ ਕਰਨਾ ਹੁੰਦਾ ਹੈ ਤਾਂ ਜੋ ਕੋਈ ਹੋਰ ਤਸਕਰਾਂ ਖਿਲਾਫ਼ ਬੋਲਣ ਦੀ ਹਿੰਮਤ ਨਾ ਕਰੇ। ਨਸ਼ਾ ਵਿਰੋਧੀ ਮੁਹਿੰਮਾਂ ਚਲਾਉਣ ਵਾਲੇ ਜਾਂ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗਦੇ ਹਨ। ਮੰਮੂ ਚਾਹਲ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇੱਕ ਵੱਡੀ ਨਾਕਾਮੀ ਹੈ। ਕਈ ਵਾਰ ਸਥਾਨਕ ਪੱਧਰ ’ਤੇ ਪੁਲਿਸ ਜਾਂ ਸਿਆਸੀ ਆਗੂਆਂ ਦੀ ਤਸਕਰਾਂ ਨਾਲ ਮਿਲੀਭੁਗਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ, ਜਿਸ ਨਾਲ ਇਨਸਾਫ਼ ਦੀ ਉਮੀਦ ਧੁੰਦਲੀ ਹੋ ਜਾਂਦੀ ਹੈ। ਮੰਮੂ ਚਾਹਲ ਨੇ ਕਿਹਾ ਕਿ ਦੇਸ਼ ਤੇ ਸਮਾਜ ਨੂੰ ਬਚਾਉਣ ਦੀ ਖਾਤਰ ਲੜਨ ਵਾਲੇ ਲੋਕ ਆਪਣੀ ਜਾਨ ਗੁਆ ਬੈਠਦੇ ਹਨ ਤੇ ਉਨ੍ਹਾਂ ਦੇ ਪਰਿਵਾਰ ਬੇਸਹਾਰਾ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨਾਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਫਾਸਟ-ਟਰੈਕ ਅਦਾਲਤਾਂ ਰਾਹੀਂ ਸਖ਼ਤ ਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਜੋ ਲੋਕ ਨਸ਼ਿਆਂ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਜਾਂ ਪੁਲਿਸ ਦੀ ਮਦਦ ਕਰਦੇ ਹਨ, ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇ ਤੇ ਲੋੜ ਪੈਣ ਤੇ ਪੂਰੀ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਾਂਚ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ।