ਪੀਐੱਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਹੁਣ 'ਫਾਰਮਰ ਰਜਿਸਟਰੀ' ਲਾਜ਼ਮੀ : ਪਰਮਿੰਦਰ ਕੁਮਾਰ
ਪੀਐਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ 'ਫਾਰਮਰ ਰਜਿਸਟਰੀ' ਹੁਣ ਲਾਜ਼ਮੀ : ਪਰਮਿੰਦਰ ਕੁਮਾਰ
Publish Date: Fri, 06 Mar 2026 09:32 PM (IST)
Updated Date: Fri, 06 Mar 2026 09:36 PM (IST)

ਪੀਐਮ ਕਿਸਾਨ ਯੋਜਨਾ ਦੀ ਰਜਿਸਟ੍ਰੇਸ਼ਨ ਸਬੰਧੀ ਦਿੱਤੀ ਜਾਣਕਾਰੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਕਿਸਾਨਾਂ ਲਈ ਇਕ ਅਹਿਮ ਐਲਾਨ ਕੀਤਾ ਗਿਆ ਹੈ। ਹੁਣ ਹਰੇਕ ਲਾਭਪਾਤਰੀ ਕਿਸਾਨ ਲਈ ਫਾਰਮਰ ਰਜਿਸਟਰੀ ਵਿਚ ਆਪਣਾ ਨਾਂ ਦਰਜ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਕਿਸਾਨ ਸਮੇਂ ਸਿਰ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਉਂਦੇ, ਤਾਂ ਉਨ੍ਹਾਂ ਦੀਆਂ ਆਉਣ ਵਾਲੀਆਂ ਵਿੱਤੀ ਕਿਸ਼ਤਾਂ ਰੁਕ ਸਕਦੀਆਂ ਹਨ। ਇਸ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਖੇਤੀਬਾੜੀ ਦਫ਼ਤਰ ਸੁਲਤਾਨਪੁਰ ਲੋਧੀ ਦੇ ਖੇਤੀਬਾੜੀ ਵਿਸਥਾਰ ਅਫਸਰ ਪਰਮਿੰਦਰ ਕੁਮਾਰ ਨੇ ਇਸ ਯੋਜਨਾ ਦੇ ਮੁੱਖ ਉਦੇਸ਼ ਤੇ ਫਾਇਦੇ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਮਕਸਦ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ। ਇਸ ਨਾਲ ਸਰਕਾਰੀ ਸਹਾਇਤਾ ਵਿਚ ਪਾਰਦਰਸ਼ਤਾ ਆਵੇਗੀ। ਸਹਾਇਤਾ ਸਿੱਧੀ ਅਸਲ ਲਾਭਪਾਤਰੀਆਂ ਤੱਕ ਪਹੁੰਚ ਸਕੇਗੀ। ਹਰ ਕਿਸਾਨ ਦੀ ਇਕ ਯੂਨੀਕ ਫਾਰਮਰ ਆਈਡੀ ਬਣੇਗੀ, ਜੋ ਉਨ੍ਹਾਂ ਦੇ ਮੌਜੂਦਾ ਪੀਐੱਮ ਕਿਸਾਨ ਖਾਤੇ ਨਾਲ ਜੋੜੀ ਜਾਵੇਗੀ। ਉਨ੍ਹਾਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ ਬਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਤੇ ਜ਼ਮੀਨ ਨਾਲ ਸਬੰਧਤ ਜਮ੍ਹਾਂਬੰਦੀ ਦਸਤਾਵੇਜ਼ ਆਪਣੇ ਨਾਲ ਲੈ ਕੇ ਜਾਣ। ਪਰਮਿੰਦਰ ਕੁਮਾਰ ਨੇ ਦੱਸਿਆ ਕਿ ਕਿਸਾਨ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਥਾਵਾਂ ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਜਿਸ ਵਿਚ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਮਿਥੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਸਮਾਂ ਰਹਿੰਦੇ ਇਹ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਵਿੱਤੀ ਨੁਕਸਾਨ ਤੋਂ ਬਚਿਆ ਜਾ ਸਕੇ। ਪੰਜਾਬ ਵਿਚ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਸਫਲ ਬਣਾਉਣ ਲਈ ਜਾਗਰੂਕਤਾ ਵਧਾਉਣ ਤੇ ਕੰਮ ਕੀਤਾ ਜਾ ਰਿਹਾ ਹੈ।