ਐੱਸਆਈਆਰ ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ ਐੱਸਆਈਆਰ ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ, ਚੋਣ ਕਮਿਸ਼ਨ ਦਾ ਪੁਤਲਾ ਫੂਕਿਆ
Publish Date: Fri, 23 Oct 2026 07:06 PM (IST)
Updated Date: Fri, 23 Oct 2026 07:07 PM (IST)
ਤਹਿਸੀਲਦਾਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ-ਪੱਤਰ ਸੌਂਪਿਆ, ਵੋਟਰਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਦੀ ਕੀਤੀ ਮੰਗ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਖ਼ਿਲਾਫ਼ ਤਲਵੰਡੀ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ਦਾ ਪੁਤਲਾ ਫੂਕਦਿਆਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਪੈਦਲ ਮਾਰਚ ਕਰਦਿਆਂ ਤਹਿਸੀਲਦਾਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ-ਪੱਤਰ ਸੌਂਪਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਐੱਸਆਈਆਰ ਦੀ ਪ੍ਰਕਿਰਿਆ ਰੱਦ ਕਰਨ ਤੇ ਵੋਟਰਾਂ ਦੇ ਜਮਹੂਰੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਕਿਸੇ ਵੀ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਵੋਟ ਦਾ ਅਧਿਕਾਰ ਜਮਹੂਰੀ ਪ੍ਰਣਾਲੀ ਦਾ ਅਹਿਮ ਹਿੱਸਾ ਹੈ ਤੇ ਇਸ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਚਲਾਈ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਂ ਗਲਤੀ ਨਾਲ ਸੂਚੀ ਵਿੱਚੋਂ ਨਾ ਕੱਟਿਆ ਜਾਵੇ। ਜੇਕਰ ਕਿਸੇ ਵੋਟਰ ਦਾ ਨਾਂ ਗਲਤ ਢੰਗ ਨਾਲ ਕੱਟਿਆ ਜਾਂਦਾ ਹੈ ਤਾਂ ਉਸ ਨੂੰ ਆਪਣਾ ਪੱਖ ਰੱਖਣ ਤੇ ਆਪਣਾ ਵੋਟ ਦਾ ਹੱਕ ਮੁੜ ਹਾਸਲ ਕਰਨ ਦਾ ਪੂਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਬੁਲਾਰਿਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਵਿੱਚ ਤਬਦੀਲੀ ਕਰਨ ਤੇ ਚੋਣ ਪ੍ਰਣਾਲੀ ਵਿੱਚ ਲੋੜੀਂਦੇ ਸੁਧਾਰ ਲਿਆਉਣ ਦੀ ਮੰਗ ਵੀ ਕੀਤੀ। ਉਨ੍ਹਾਂ 3 ਅਕਤੂਬਰ ਨੂੰ ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਤੇ ਵਿਦਿਆਰਥੀਆਂ ਤੇ ਨੌਜਵਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਨੂੰ ਨਿਡਰ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦਾ ਹੱਕ ਮਿਲਣਾ ਚਾਹੀਦਾ ਹੈ। ਕਿਸਾਨ, ਮਜ਼ਦੂਰ ਤੇ ਹੋਰ ਜਨਤਕ ਜਥੇਬੰਦੀਆਂ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਇਕਜੁੱਟ ਹਨ ਤੇ ਇਨ੍ਹਾਂ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਫ਼ੈਸਲੇ ਦਾ ਜਥੇਬੰਦਕ ਤੌਰ ’ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਲਕੀਤ ਸਿੰਘ ਸ਼ੇਰਪੁਰ ਸੱਧਾ, ਮਾਸਟਰ ਚਰਨ ਸਿੰਘ, ਜਸਵਿੰਦਰ ਸਿੰਘ ਟਿੱਬਾ, ਹਰਮਿੰਦਰ ਸਿੰਘ ਨੰਬਰਦਾਰ ਟਿੱਬਾ, ਮਹਿੰਗਾ ਸਿੰਘ, ਸੁਰਜੀਤ ਸਿੰਘ ਨਵਾਂ ਠੱਠਾ, ਹਰਬੰਸ ਸਿੰਘ, ਅਜੈਬ ਸਿੰਘ ਚੱਕ ਕੋਟਲਾ, ਪਵਨ ਕੁਮਾਰ ਕਾਲੀਆ, ਬਲਦੇਵ ਸਿੰਘ, ਸੁੱਚਾ ਸਿੰਘ ਮਿਰਜ਼ਾਪੁਰ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਅਮਰੀਕ ਸਿੰਘ ਮਸੀਤਾਂ, ਕਸ਼ਮੀਰਾ ਸਿੰਘ ਭੰਡਾਲ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਹਰਬੰਸ ਲਾਲ ਕੰਡਾ ਤੇ ਹਰਨੇਕ ਸਿੰਘ ਚਲੱਧਾ ਸਮੇਤ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।