ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਮੁਹਿੰਮ ਕੀਤੀ ਸ਼ੁਰੂ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਮੁਹਿੰਮ
Publish Date: Tue, 06 Oct 2026 08:56 PM (IST)
Updated Date: Tue, 06 Oct 2026 08:59 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਹੇਠ ਡਾ. ਇਰਵਿਨ ਕੌਰ ਐੱਸਡੀਐੱਮ ਕਪੂਰਥਲਾ, ਡੀ ਐੱਸ ਪੀ ਕਪੂਰਥਲਾ ਸ਼ੀਤਲ ਸਿੰਘ, ਗੁਰਵਿੰਦਰ ਸਿੰਘ ਸੰਧ, ਟ੍ਰੇਨਿੰਗ ਅਫ਼ਸਰ ਕਪੂਰਥਲਾ ਅਤੇ ਰਣਬੀਰ ਸਿੰਘ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋਂ ਬਲਾਕ ਕਪੂਰਥਲਾ ਦੇ ਪਿੰਡ ਮੁਜਾਹਦਪੁਰ ਵਿੱਚ ਪਰਾਲੀ ਦੀ ਸਚੁੱਜੀ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਇਸ ਦੌਰਾਨ ਐੱਸਡੀਐੱਮ ਕਪੂਰਥਲਾ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੋਨੇ ਦੀ ਕਟਾਈ ਉਪਰੰਤ ਬਚੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਇਸ ਦਾ ਖੇਤ ਵਿੱਚ ਹੀ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਕਿਸਾਨਾਂ ਨੂੰ ਖੇਤੀਬਾੜੀ ਦਫ਼ਤਰ ਅਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਕੇ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡੀ ਐੱਸ ਪੀ ਕਪੂਰਥਲਾ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਹੀਂ, ਖੇਤ ਵਿੱਚ ਹੀ ਪ੍ਰਬੰਧਨਦੇ ਸੰਕਲਪ ਨੂੰ ਅਪਣਾਉਣ। ਇਸ ਮੌਕੇ ਟ੍ਰੇਨਿੰਗ ਅਫ਼ਸਰ ਕਪੂਰਥਲਾ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਕਿ ਪਰਾਲੀ ਨੂੰ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਇਸ ਵਿੱਚ ਮੌਜੂਦ ਲਾਭਦਾਇਕ ਜੀਵਾਣੂਆਂ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਪੈਦਾ ਹੋਇਆ ਧੂੰਆਂ ਮਨੁੱਖੀ ਸਿਹਤ, ਪਸ਼ੂਆਂ ਅਤੇ ਵਾਤਾਵਰਣ ਲਈ ਵੀ ਹਾਨੀਕਾਰਕ ਹੈ। ਓਹਨਾ ਨੇ ਦੱਸਿਆ ਕਿ ਪਰਾਲੀ ਸਾੜਨਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਕੇ ਕਿਸਾਨ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਕਰ ਸਕਦੇ ਹਨ, ਸਗੋਂ ਮਿੱਟੀ ਦੀ ਸਿਹਤ ਅਤੇ ਆਪਣੀ ਖੇਤੀ ਦੀ ਲੰਬੇ ਸਮੇਂ ਦੀ ਉਤਪਾਦਕਤਾ ਨੂੰ ਵੀ ਬਿਹਤਰ ਬਣਾ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ/ਸ਼ੈਡਰ, ਮਲਚਰ ਅਤੇ ਹੋਰ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਜਿੱਥੇ ਸੰਭਵ ਹੋਵੇ, ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦੀ ਸਿਹਤ ਸੁਧਾਰਨ ਅਤੇ ਜੈਵਿਕ ਪਦਾਰਥ ਦੀ ਮਾਤਰਾ ਵਧਾਉਣ ਲਈ ਵਰਤਿਆ ਜਾਵੇ। ਇਸ ਤੋਂ ਇਲਾਵਾ ਬੇਲਰ ਨਾਲ ਪਰਾਲੀ ਨੂੰ ਖੇਤ ਤੋਂ ਬਾਹਰ ਵੀ ਚੁਕਾਇਆ ਜਾ ਸਕਦਾ ਹੈ । ਅੰਤ ਵਿੱਚ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਹੀਂ, ਖੇਤ ਵਿੱਚ ਹੀ ਪ੍ਰਬੰਧਨ ਦੇ ਸੰਕਲਪ ਨੂੰ ਅਪਣਾਉਣ ਅਤੇ ਪਰਾਲੀ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।