ਪਿੰਡ ਬੋਹਾਨੀ ’ਚ ਕਿਸਾਨਾਂ ਨੂੰ ਕੀਤਾ ਜਾਗਰੂਕ ਪਿੰਡ ਬੋਹਾਨੀ (ਫਗਵਾੜਾ) ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ
Publish Date: Tue, 20 Oct 2026 06:39 PM (IST)
Updated Date: Tue, 20 Oct 2026 06:42 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਤੇ ਮੁੱਖ ਖੇਤੀਬਾੜੀ ਅਫ਼ਸਰ, ਕਪੂਰਥਲਾ ਦੀ ਯੋਗ ਅਗਵਾਈ ਹੇਠ ਪਿੰਡ ਬੋਹਾਨੀ, ਫਗਵਾੜਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਗਤੀਵਿਧੀ ਕੀਤੀ ਗਈ। ਇਹ ਗਤੀਵਿਧੀ ਖੇਤੀਬਾੜੀ ਅਫ਼ਸਰ, ਫਗਵਾੜਾ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਹੋਈ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜੈਵਿਕ ਮਾਦਾ ਨਸ਼ਟ ਹੋ ਜਾਂਦੇ ਹਨ, ਜਿਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਰੋਟਾਵੇਟਰ, ਐੱਮਬੀ ਪਲੌਅ ਦੀ ਵਰਤੋ ਕਰਕੇ ਪਰਾਲੀ ਨੂੰ ਜ਼ਮੀਨ ਦੇ ਵਿੱਚ ਹੀ ਮਿਲਾਇਆ ਜਾਵੇ ਤੇ ਬੇਲਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਗੰਢਾਂ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜਾਂ ਮਿਲਾ ਕੇ ਕਣਕ ਦੀ ਬਿਜਾਈ ਕਰਨ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਤੇ ਖਾਦਾਂ ਦੀ ਲਾਗਤ ਵੀ ਘਟਦੀ ਹੈ। ਸਰਕਾਰ ਵੱਲੋਂ ਇਨ੍ਹਾਂ ਮਸ਼ੀਨਾਂ ਸਬੰਧੀ ਮਿਲਣ ਵਾਲੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਪਿੰਡ ਦੇ ਕਿਸਾਨਾਂ ਨੇ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਗੇ। ਅੰਤ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਸਾਫ਼-ਸੁਥਰੇ ਵਾਤਾਵਰਣ ਤੇ ਆਪਣੀ ਜ਼ਮੀਨ ਦੀ ਸਿਹਤ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਤੇ ਨੰਬਰਦਾਰ ਕਸ਼ਮੀਰ ਸਿੰਘ ਹਾਜ਼ਰ ਸਨ। ਵਿਭਾਗ ਦੇ ਖੇਤੀਬਾੜੀ ਉਪ ਨਿਰੀਖਕ ਧਰਮਵੀਰ ਤੇ ਐੱਨਜੀਓ ਤੋਂ ਮੈਡਮ ਕੋਮਲ ਨੇ ਕਿਸਾਨ ਕੈਂਪ ਲਗਾਉਣ ਵਿਚ ਅਹਿਮ ਭੂਮਿਕਾ ਨਿਭਾਈ ਤੇ ਕਿਸਾਨ ਆਈਡੀ ਵੀ ਬਣਾਈਆਂ ਗਈਆਂ।