ਪਿੰਡ ਧੰਮ ’ਚ ਕਿਸਾਨਾਂ ਨੂੰ ਕੀਤਾ ਜਾਗਰੂਕ ਪਿੰਡ ਧੰਮ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Sun, 11 Oct 2026 07:37 PM (IST)
Updated Date: Sun, 11 Oct 2026 07:38 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਕਪੂਰਥਲਾ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਕਪੂਰਥਲਾ ਦੇ ਪਿੰਡ ਧੰਮ ਵਿੱਚ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੇ ਮਿੱਤਰ ਕੀੜੇ ਤੇ ਸੂਖਮ ਜੀਵ ਨਸ਼ਟ ਹੁੰਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ ਤੇ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਆਦਿ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਣਬੀਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ ਤੇ ਬੇਲਰ ਆਦਿ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਤੇ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਅਗਲੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਤੇ ਦਿੱਤੀ ਜਾ ਰਹੀ ਸਬਸਿਡੀ ਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਦੀ ਸੰਭਾਲ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਤੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਕੈਂਪ ਦੇ ਅਖੀਰ ਵਿੱਚ ਸਮੂਹ ਕਿਸਾਨਾਂ ਨੇ ਪਰਾਲੀ ਨਾ ਸਾੜਨ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਸੁਖਦੇਵ ਸਿੰਘ, ਲੰਬੜਦਾਰ ਦਰਸ਼ਨ ਸਿੰਘ, ਸੈਕਟਰੀ ਦਰਸ਼ਨ ਸਿੰਘ, ਕਿਸਾਨ ਗੁਰਦੇਵ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਏਐੱਸਆਈ ਮਨਜੀਤ ਸਿੰਘ ਆਦਿ ਹਾਜ਼ਰ ਸਨ।