ਕਿਸਾਨ-ਪੱਖੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਕੇਂਦਰ ਤੋਂ ਖੁਸ਼ : ਠਾਕੁਰ
ਕੇਂਦਰ ਦੀਆਂ ਕਿਸਾਨ-ਪੱਖੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਖੁਸ਼ ਹਨ : ਪ੍ਰਦੀਪ ਠਾਕੁਰ
Publish Date: Thu, 19 Feb 2026 07:34 PM (IST)
Updated Date: Thu, 19 Feb 2026 07:36 PM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਐੱਸਸੀ ਮੋਰਚਾ ਦੇ ਸੂਬਾ ਚੀਫ ਕੋਆਰਡੀਨੇਟਰ ਪ੍ਰਦੀਪ ਠਾਕੁਰ ਨੇ ਅੱਜ ਕਪੂਰਥਲਾ ਵਿਚ ਹੋਈ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਕਿਸਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਪ੍ਰਦੀਪ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕੁੱਝ ਸਾਲਾਂ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਬਿਨਾਂ ਕਿਸੇ ਵਿਚੋਲੇ ਦੇ ਟਰਾਂਸਫਰ ਕੀਤੀ ਜਾ ਰਹੀ ਹੈ, ਜਿਸ ਨਾਲ ਛੋਟੇ ਕਿਸਾਨਾਂ ਨੂੰ ਕਾਫ਼ੀ ਹੁਲਾਰਾ ਮਿਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਿਰਫ਼ ਨਾਅਰੇਬਾਜ਼ੀ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਆਪਣਾ ਕੰਮ ਦਰਸਾਉਂਦੀ ਹੈ। ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ। ਸਾਲਾਂ ਤੋਂ ਪੰਜਾਬ ਦੇ ਮਾਸੂਮ ਕਿਸਾਨਾਂ ਨੂੰ ਡਰਾਉਣ-ਧਮਕਾਉਣ ਤੇ ਗਲਤ ਜਾਣਕਾਰੀ ਦੇ ਕੇ ਰਾਜਨੀਤੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਪਰ ਹੁਣ ਕਿਸਾਨ ਜਾਗਰੂਕ ਹੋ ਗਏ ਹਨ ਤੇ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਦੇ ਅਸਲ ਹਿੱਤ ਭਾਜਪਾ ਕੋਲ ਸੁਰੱਖਿਅਤ ਹਨ। ਮੀਟਿੰਗ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਬਾਰੇ ਵੀ ਚਰਚਾ ਕੀਤੀ। ਵਰਕਰਾਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ਨੂੰ ਪੂਰੀ ਤਾਕਤ ਨਾਲ ਲੜੇਗੀ।