ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ : ਡੀਸੀ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ
Publish Date: Thu, 08 Oct 2026 09:07 PM (IST)
Updated Date: Thu, 08 Oct 2026 09:08 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ ਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫੀਸਦੀ ਤੱਕ ਨਮੀ ਵਾਲੇ ਝੋਨੇ ਦੀ ਹੀ ਖਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਝੋਨੇ ਦੀ ਕਟਾਈ ਸਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ-ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਖਰੀਦ ਏਜੰਸੀਆਂ ਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕਦੀ ਹੈ।