ਪਿੰਡ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Thu, 22 Oct 2026 06:57 PM (IST)
Updated Date: Thu, 22 Oct 2026 06:57 PM (IST)
--ਬਲਾਕ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਕਪੂਰਥਲਾ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਬਲਾਕ ਕਪੂਰਥਲਾ ਦੇ ਹਾਟ ਸਪਾਟ ਪਿੰਡ ਭੀਲਾ, ਖ਼ਾਲੂ ਤੇ ਅਲਾਉਦੀਪੁਰ ਵਿੱਚ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਗਏ। ਇਸ ਦੌਰਾਨ ਐੱਸਡੀਐੱਮ ਕਪੂਰਥਲਾ ਡਾ ਇਰਵਿਨ ਕੌਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੋਨੇ ਦੀ ਕਟਾਈ ਉਪਰੰਤ ਬਚੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਇਸ ਦਾ ਖੇਤ ਵਿੱਚ ਹੀ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਕਿਸਾਨਾਂ ਨੂੰ ਖੇਤੀਬਾੜੀ ਦਫ਼ਤਰ ਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਕੇ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਦੀ ਅਪੀਲ ਕੀਤੀ। ਇਸ ਮੌਕੇ ਟ੍ਰੇਨਿੰਗ ਅਫ਼ਸਰ, ਕਪੂਰਥਲਾ ਗੁਰਵਿੰਦਰ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਕਿ ਪਰਾਲੀ ਨੂੰ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤੇ ਇਸ ਵਿੱਚ ਮੌਜੂਦ ਲਾਭਦਾਇਕ ਜੀਵਾਣੂਆਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਪੈਦਾ ਹੋਇਆ ਧੂੰਆਂ ਮਨੁੱਖੀ ਸਿਹਤ, ਪਸ਼ੂਆਂ ਤੇ ਵਾਤਾਵਰਣ ਲਈ ਵੀ ਹਾਨੀਕਾਰਕ ਹੈ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਣਬੀਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ ਤੇ ਬੇਲਰ ਆਦਿ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਅਗਲੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਤੇ ਦਿੱਤੀ ਜਾ ਰਹੀ ਸਬਸਿਡੀ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਗਜੀਤ ਸਿੰਘ ਏਟੀਐੱਮ ਜਗਜੀਤ ਸਿੰਘ, ਸਰਪੰਚ ਸਤਨਾਮ ਸਿੰਘ, ਨੰਬਰਦਾਰ ਪਲਵਿੰਦਰ ਸਿੰਘ, ਕਿਸਾਨ ਨਰਿੰਦਰ ਸਿੰਘ, ਰਾਜਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਤੇ ਬੀਬੀਆਂ ਹਾਜ਼ਰ ਸਨ। ਕੈਂਪ ਦੇ ਅਖੀਰ ਵਿੱਚ ਸਮੂਹ ਕਿਸਾਨਾਂ ਨੇ ਪਰਾਲੀ ਨਾ ਸਾੜਨ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।